ਪਠਾਨਕੋਟ ‘ਚ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ

Top Trending News ਪੰਜਾਬ

 

ਪਠਾਨਕੋਟ ‘ਚ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪਰਿਵਾਰ ਨੇ ਦਹੇਜ ਲਈ ਪਰੇਸ਼ਾਨ ਕਰਨ ਦਾ ਲਾਇਆ ਇਲਜ਼ਾਮ

ਪਠਾਨਕੋਟ, 14 ਸਤੰਬਰ 2026

ਪਠਾਨਕੋਟ ਦੇ ਤਾਰਾਗੜ੍ਹ ਖੇਤਰ ਤੋਂ ਇੱਕ ਦੁਖਦਾਈ ਅਤੇ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਵਿਆਹੁਤਾ ਦੀ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਮਾਨਸੀ, ਵਾਸੀ ਪਹਾੜੀਪੁਰ ਬਮਿਆਲ, ਪਠਾਨਕੋਟ ਵਜੋਂ ਹੋਈ ਹੈ।

ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ ਉਸਦੀ ਧੀ ਦਾ ਵਿਆਹ 11 ਮਹੀਨੇ ਪਹਿਲਾਂ ਪਹਾੜੀਪੁਰ ਵਿੱਚ ਹੋਇਆ ਸੀ। ਉਨ੍ਹਾਂ ਦਾ ਇਲਜ਼ਾਮ ਹੈ ਕਿ ਵਿਆਹ ਦੇ ਕੁਝ ਮਹੀਨਿਆਂ ਬਾਅਦ ਹੀ ਸਹੁਰਾ ਪਰਿਵਾਰ ਵੱਲੋਂ ਦਹੇਜ ਦੀ ਮੰਗ ਕੀਤੀ ਜਾਣ ਲੱਗੀ ਅਤੇ ਉਸਦੀ ਧੀ ਨੂੰ ਲਗਾਤਾਰ ਪਰੇਸ਼ਾਨ ਕੀਤਾ ਜਾਂਦਾ ਸੀ।

ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਨੂੰ ਇੱਕ ਡਾਕਟਰ ਦਾ ਫੋਨ ਆਇਆ, ਜਿਸ ਵਿੱਚ ਦੱਸਿਆ ਗਿਆ ਕਿ ਉਨ੍ਹਾਂ ਦੀ ਧੀ ਦੀ ਹਾਲਤ ਬਹੁਤ ਗੰਭੀਰ ਹੈ। ਜਦੋਂ ਪਰਿਵਾਰ ਦੇ ਮੈਂਬਰ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਨੂੰ ਧੀ ਦੀ ਮੌਤ ਦੀ ਖ਼ਬਰ ਮਿਲੀ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੇ ਨਾਲ-ਨਾਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਸਬੰਧ ਵਿੱਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਤੋਂ ਲੜਕੀ ਦੀ ਮੌਤ ਦੀ ਸੂਚਨਾ ਮਿਲੀ ਸੀ। ਪੁਲਿਸ ਮੁਤਾਬਕ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਅਤੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ ਅਤੇ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾਵੇਗੀ।

ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਜਾਂਚ ਰਿਪੋਰਟ ਅਤੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।