ਵੱਡੀ ਖ਼ਬਰ : ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ; ਦੋ ਗੰਭੀਰ ਜ਼ਖ਼ਮੀ
ਪੰਚਕੂਲਾ 15 ਸਤੰਬਰ 2026
ਹਰਿਆਣਾ ਦੇ ਵਿੱਚ ਸੜਕ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ। ਤਾਜਾ ਮਾਮਲਾ ਪੰਚਕੂਲਾ ਤੋਂ ਸਾਹਮਣੇ ਆਇਆ ਹੈ। ਇੱਥੇ ਪੰਚਕੂਲਾ- ਯਮੁਨਾਨਗਰ ਰਾਸ਼ਟਰੀ ਰਾਜਮਾਰਗ ’ਤੇ ਮੌਲੀ ਨੇੜੇ ਪਿੰਡ ਤਾਬਰ ਕੋਲ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਦੋ ਨੌਜਵਾਨ ਅਤੇ ਇੱਕ ਲੜਕੀ ਸ਼ਾਮਲ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਪੰਜ ਜਣੇ ਇੱਕ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿੱਚ ਸਵਾਰ ਤਿੰਨ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋ ਜਣੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਲੀ ਪੁਲਿਸ ਚੌਕੀ ਦੇ ਇੰਚਾਰਜ ਰਾਮਕਰਨ ਅਤੇ ਜਾਂਚ ਅਧਿਕਾਰੀ ਸੁਨੀਲ ਕੁਮਾਰ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਮੁਲਾਜ਼ਮਾਂ ਅਤੇ ਸਥਾਨਕ ਵਸਨੀਕਾਂ ਨੇ ਬਚਾਅ ਕਾਰਜ ਕਰਦਿਆਂ ਜ਼ਖ਼ਮੀਆਂ ਅਤੇ ਮ੍ਰਿਤਕਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ।
ਪੁਲਿਸ ਮੁਤਾਬਕ, ਗੰਭੀਰ ਜ਼ਖ਼ਮੀਆਂ ਦੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਅਗਲੇਰੇ ਇਲਾਜ ਲਈ ਸੈਕਟਰ-32, ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਦੂਜੇ ਪਾਸੇ ਪੁਲਿਸ ਨੇ ਅਣਪਛਾਤੇ ਵਾਹਨ ਦੀ ਭਾਲ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।







