CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ 3 ਆਗੂਆਂ ‘ਤੇ ਕੀਤਾ ਮਾਣਹਾਨੀ ਕੇਸ

Top Trending News ਪੰਜਾਬ

  • CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ 3 ਆਗੂਆਂ ‘ਤੇ ਕੀਤਾ ਮਾਣਹਾਨੀ ਕੇਸ

ਚੰਡੀਗੜ੍ਹ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਖ਼ਿਲਾਫ਼ ਕਥਿਤ ਤੌਰ ’ਤੇ ਝੂਠੇ ਅਤੇ ਮਾਣਹਾਨੀ ਵਾਲੇ ਦੋਸ਼ ਲਗਾਉਣ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਚੰਡੀਗੜ੍ਹ ਦੀ ਅਦਾਲਤ ਵਿੱਚ ਅਪਰਾਧਿਕ ਮਾਨਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਹੈ।

ਡਾ. ਗੁਰਪ੍ਰੀਤ ਕੌਰ ਨੇ ਇਹ ਸ਼ਿਕਾਇਤ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀਆਂ ਧਾਰਾਵਾਂ 210 ਅਤੇ 222 ਤਹਿਤ ਦਾਇਰ ਕੀਤੀ ਹੈ। ਇਹ ਮਾਮਲਾ ਭਾਰਤੀ ਨਿਆਂ ਸੰਹਿਤਾ (BNS), 2023 ਦੀ ਧਾਰਾ 356 ਨਾਲ ਸਬੰਧਤ ਹੈ। ਇਸ ਧਾਰਾ ਤਹਿਤ ਦੋਸ਼ ਸਾਬਤ ਹੋਣ ’ਤੇ ਕੈਦ ਅਤੇ ਜੁਰਮਾਨੇ ਦੀ ਵਿਵਸਥਾ ਹੈ।

ਪਹਿਲਾਂ ਭੇਜਿਆ ਸੀ ਮਾਨਹਾਨੀ ਨੋਟਿਸ
ਸ਼ਿਕਾਇਤ ਵਿੱਚ ਡਾ. ਗੁਰਪ੍ਰੀਤ ਕੌਰ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਖ਼ਿਲਾਫ਼ ਕਥਿਤ ਤੌਰ ’ਤੇ ਗਲਤ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਦੋਸ਼ ਲਗਾਏ ਗਏ ਅਤੇ ਉਨ੍ਹਾਂ ਨੂੰ ਇੱਕ ਬਲਾਤਕਾਰ ਦੇ ਮੁਲਜ਼ਮ ਦੀ ਮਦਦ ਕਰਨ ਵਾਲੇ ਵਜੋਂ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਤਿੰਨਾਂ ਆਗੂਆਂ ਨੂੰ ਮਾਨਹਾਨੀ ਦਾ ਕਾਨੂੰਨੀ ਨੋਟਿਸ ਭੇਜ ਕੇ 24 ਘੰਟਿਆਂ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਸੀ। ਡਾ. ਗੁਰਪ੍ਰੀਤ ਕੌਰ ਦਾ ਦਾਅਵਾ ਹੈ ਕਿ ਤਿੰਨਾਂ ਵੱਲੋਂ ਮੁਆਫ਼ੀ ਨਹੀਂ ਮੰਗੀ ਗਈ।

ਉਨ੍ਹਾਂ ਮੁਤਾਬਕ, ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਉਨ੍ਹਾਂ ਵੱਲੋਂ ਭੇਜੇ ਮਾਨਹਾਨੀ ਨੋਟਿਸ ਨੂੰ ਫਾੜ ਕੇ ਸੁੱਟ ਦਿੱਤਾ ਸੀ। ਹੁਣ ਮਾਮਲਾ ਚੰਡੀਗੜ੍ਹ ਦੀ ਅਦਾਲਤ ਵਿੱਚ ਪਹੁੰਚ ਗਿਆ ਹੈ ਅਤੇ ਅਗਲੀ ਕਾਰਵਾਈ ਅਦਾਲਤੀ ਪ੍ਰਕਿਰਿਆ ਅਨੁਸਾਰ ਹੋਵੇਗੀ।