- ਖ਼ਬਰ: ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨ
ਚੰਡੀਗੜ੍ਹ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਇਸ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਦੇ ਮਾਮਲਿਆਂ ਨਾਲ ਜੁੜੇ ਕਾਨੂੰਨੀ ਅਤੇ ਹੋਰ ਪੱਖਾਂ ਬਾਰੇ ਤਾਲਮੇਲ ਕਰਨ ਦਾ ਕੰਮ ਕਰੇਗੀ। ਇਸ 7 ਮੈਂਬਰੀ ਤਾਲਮੇਲ ਕਮੇਟੀ ‘ਚ…..
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ
ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ
ਸੇਵਾਮੁਕਤ ਜਸਟਿਸ ਜਸਪਾਲ ਸਿੰਘ
ਸੇਵਾਮੁਕਤ ਜਸਟਿਸ ਗੁਰਬੀਰ ਸਿੰਘ
ਸੇਵਾਮੁਕਤ ਆਈਪੀਐਸ ਅਤੇ ਪੀਪੀਐਸਸੀ ਚੇਅਰਮੈਨ ਜਤਿੰਦਰ ਸਿੰਘ ਔਲਖ
ਕਾਨੂੰਨ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਕਮੇਟੀ ਵਿੱਚ ਸ਼ਾਮਲ ਹਨ।
ਇਸ ਗਠਿਤ ਕੀਤੀ ਗਈ ਤਾਲਮੇਲ ਕਮੇਟੀ ਦਾ ਮੁੱਖ ਕਾਰਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਲਗਾਤਾਰ ਸੰਪਰਕ ਵਿੱਚ ਰਹਿਣਾ ਹੋਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਸਰੂਪਾਂ ਦੀ ਸੰਭਾਲ ਅਤੇ ਇਸ ਨਾਲ ਜੁੜੇ ਕਾਨੂੰਨੀ ਨਿਯਮਾਂ ‘ਚ ਸੁਧਾਰ (ਸੋਧ) ਕਰਨ ਲਈ ਦੋਵੇਂ ਕਮੇਟੀਆਂ ਆਪਸੀ ਸਹਿਮਤੀ ਨਾਲ ਕੰਮ ਕਰਨਗੀਆਂ। ਧਾਰਮਿਕ ਭਾਵਨਾਵਾਂ ਦੀ ਰੋਸ਼ਨੀ ਵਿੱਚ ਤਿਆਰ ਕੀਤੇ ਜਾਣ ਵਾਲੇ ਨਿਯਮਾਂ ਨੂੰ ਕਾਨੂੰਨੀ ਰੂਪ ਦੇਣ ਲਈ ਇਹ ਤਾਲਮੇਲ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।







