Big Breaking- ਸ੍ਰੀਨਗਰ ‘ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ
ਸ੍ਰੀਨਗਰ, 17 ਸਤੰਬਰ 2026
ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਬੁੱਧਵਾਰ ਦੇਰ ਰਾਤ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਇਹ ਕਾਰਵਾਈ ਜ਼ਿਲ੍ਹੇ ਦੇ ਮਜਲਟਾ ਖੇਤਰ ਵਿੱਚ ਕੀਤੀ ਗਈ, ਜਿੱਥੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਆਰੰਭ ਕੀਤੀ ਗਈ ਸੀ।
ਜਾਣਕਾਰੀ ਅਨੁਸਾਰ ਫੌਜ, ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐੱਫ) ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਕਾਰਜ ਦਸਤੇ (ਐਸਓਜੀ) ਨੇ ਸਾਂਝੇ ਤੌਰ ’ਤੇ ਇਲਾਕੇ ਨੂੰ ਘੇਰ ਲਿਆ। ਇਸ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ, ਜਿਸ ਦਾ ਜਵਾਬ ਦਿੰਦੇ ਹੋਏ ਜਵਾਨਾਂ ਨੇ ਕਾਰਵਾਈ ਕੀਤੀ। ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ।
ਸੂਤਰਾਂ ਮੁਤਾਬਕ ਮਾਰੇ ਗਏ ਅੱਤਵਾਦੀਆਂ ਦੇ ਪਾਕਿਸਤਾਨੀ ਨਾਗਰਿਕ ਹੋਣ ਅਤੇ ਕਸ਼ਮੀਰ ਟਾਈਗਰਜ਼ ਜਾਂ ਜੈਸ਼-ਏ-ਮੁਹੰਮਦ ਨਾਲ ਸਬੰਧਿਤ ਹੋਣ ਦਾ ਸ਼ੱਕ ਹੈ। ਹਾਲਾਂਕਿ, ਉਨ੍ਹਾਂ ਦੀ ਪਛਾਣ ਅਤੇ ਸੰਗਠਨ ਨਾਲ ਸਬੰਧਾਂ ਦੀ ਅਧਿਕਾਰਤ ਪੁਸ਼ਟੀ ਹਾਲੇ ਨਹੀਂ ਹੋਈ।
ਮਜਲਟਾ ਖੇਤਰ ਸੰਘਣੇ ਜੰਗਲਾਂ ਅਤੇ ਪਹਾੜੀ ਭੂ-ਭਾਗ ਵਾਲਾ ਹੋਣ ਕਾਰਨ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।







