ਅੰਮ੍ਰਿਤਸਰ ‘ਚ 27 ਸਾਲਾ ਨੌਜਵਾਨ ਦੀ ਮੌਤ, ਨਸ਼ੇ ਦਾ ਟੀਕਾ ਲਗਾਉਣ ਦਾ ਖਦਸ਼ਾ
ਓਠੀਆਂ (ਅੰਮ੍ਰਿਤਸਰ), 19 ਸਤੰਬਰ 2026: ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਨਾਲ ਸਬੰਧਤ 27 ਸਾਲਾ ਨੌਜਵਾਨ ਦੀ ਬੀਤੀ ਰਾਤ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਾਰਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਪਾਲ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੀ ਇਕ ਧੀ ਵੀ ਹੈ। ਉਹ ਕਥਿਤ ਤੌਰ ’ਤੇ ਨਸ਼ੇ ਦਾ ਆਦੀ ਸੀ।
ਜਾਣਕਾਰੀ ਮੁਤਾਬਕ ਬੀਤੀ ਰਾਤ ਪਿੰਡ ਟਪਿਆਲੇ ਨੇੜੇ ਗੁਰਪ੍ਰੀਤ ਸਿੰਘ ਦੀ ਲਾਸ਼ ਮਿਲੀ। ਮੌਕੇ ਤੋਂ ਨਸ਼ਾ ਲੈਣ ਲਈ ਵਰਤੀ ਜਾਣ ਵਾਲੀ ਸਰਿੰਜ ਅਤੇ ਸੂਈਆਂ ਵੀ ਮਿਲਣ ਦੀ ਗੱਲ ਸਾਹਮਣੇ ਆਈ ਹੈ। ਇਸ ਕਾਰਨ ਮੁੱਢਲੇ ਤੌਰ ’ਤੇ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਉਸ ਦੀ ਮੌਤ ਹੋਈ ਹੋ ਸਕਦੀ ਹੈ।
ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲਿਸ ਜਾਂ ਡਾਕਟਰੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਘਟਨਾ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।








