- ਪੁਰਾਣੀ ਰੰਜਿਸ਼ ਕਾਰਨ ਬਜ਼ੁਰਗ ਮਹਿਲਾ ਦੀ ਹੱਤਿਆ, ਸਿਰ ’ਤੇ ਇੱਟਾਂ ਮਾਰ-ਮਾਰ ਕੀਤੀ ਵਾਰਦਾਤ
ਅੰਮ੍ਰਿਤਸਰ: 19 ਸਤੰਬਰ (ਦੇਸ਼ ਕਲਿੱਕ ਬਿਊਰੋ): ਵੈਰਪਾਲ ਥਾਣਾ ਖੇਤਰ ਦੇ ਪਿੰਡ ਪੰਡੋਰੀ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਬਜ਼ੁਰਗ ਮਹਿਲਾ ਦੀ ਇੱਟਾਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾ ਦੀ ਪਛਾਣ ਵੀਰ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੂਰੀ ਵਾਰਦਾਤ CCTV ਕੈਮਰੇ ਵਿੱਚ ਕੈਦ ਹੋ ਗਈ ਹੈ। ਮ੍ਰਿਤਕਾ ਦੇ ਪੁੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਰਾਣੇ ਵਿਵਾਦ ਨਾਲ ਜੁੜੇ ਇੱਕ ਮਾਮਲੇ ਵਿੱਚ ਉਨ੍ਹਾਂ ਦਾ ਪਰਿਵਾਰ ਅਦਾਲਤ ਗਿਆ ਹੋਇਆ ਸੀ ਅਤੇ ਉਸ ਦੀ ਬਜ਼ੁਰਗ ਮਾਂ ਵੀਰ ਕੌਰ ਨੇ ਇਸ ਮਾਮਲੇ ਵਿੱਚ ਗਵਾਹੀ ਦੇਣੀ ਸੀ। ਇਸੇ ਵਿਵਾਦ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਤਕਰਾਰ ਹੋਈ, ਜੋ ਬਾਅਦ ਵਿੱਚ ਝਗੜੇ ਵਿੱਚ ਬਦਲ ਗਈ।
ਸੁਖਦੇਵ ਸਿੰਘ ਮੁਤਾਬਕ ਦੂਜੀ ਧਿਰ ਵੱਲੋਂ ਇੱਟਾਂ-ਪੱਥਰ ਚਲਾਉਣੇ ਸ਼ੁਰੂ ਕਰ ਦਿੱਤੇ ਗਏ। ਪਰਿਵਾਰ ਦੇ ਹੋਰ ਮੈਂਬਰ ਘਰ ਤੋਂ ਬਾਹਰ ਭੱਜ ਕੇ ਆਪਣੀ ਜਾਨ ਬਚਾਉਣ ਵਿੱਚ ਕਾਮਯਾਬ ਰਹੇ, ਜਦਕਿ ਵੀਰ ਕੌਰ ਘਰ ਅੰਦਰ ਹੀ ਰਹਿ ਗਈ। ਝਗੜਾ ਸ਼ਾਂਤ ਹੋਣ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰ ਵਾਪਸ ਆਏ ਤਾਂ ਵੀਰ ਕੌਰ ਜ਼ਖਮੀ ਹਾਲਤ ਵਿੱਚ ਮਿਲੀ। ਪਰਿਵਾਰ ਨੇ ਤੁਰੰਤ ਡਾਕਟਰ ਨੂੰ ਬੁਲਾਇਆ, ਜਿਸ ਨੇ ਜਾਂਚ ਤੋਂ ਬਾਅਦ ਵੀਰ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਮੁਲਜ਼ਮ ਪਰਿਵਾਰ ਦੀ ਇੱਕ ਮਹਿਲਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਹੋਰ ਮੁਲਜ਼ਮਾਂ ਦੇ ਫਰਾਰ ਹੋਣ ਦੀ ਗੱਲ ਕਹੀ ਜਾ ਰਹੀ ਹੈ। ਪੁਲਿਸ ਵੱਲੋਂ CCTV ਫੁਟੇਜ ਸਮੇਤ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ।








