ਪੰਜਾਬ ਦੇ ਨੌਜਵਾਨਾਂ ਨੂੰ ਸਹੀ ਉਡਾਣ ਦੇਣ ਦੀ ਲੋੜ: ਭਗਵੰਤ ਮਾਨ
ਚੰਡੀਗੜ੍ਹ, 19 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਵਿਖੇ ਇੰਡੀਅਨ ਸਕੂਲ ਆਫ਼ ਬਿਜ਼ਨਸ (ISB) ਦੇ ਲੀਡਰਸ਼ਿਪ ਸਮਿਟ ਵਿੱਚ ਸ਼ਿਰਕਤ ਕਰਦਿਆਂ ਸੰਸਥਾ ਨੂੰ 25 ਸਾਲ ਦਾ ਸਫ਼ਰ ਪੂਰਾ ਕਰਨ ’ਤੇ ਵਧਾਈ ਦਿੱਤੀ।
ਮੁੱਖ ਮੰਤਰੀ ਨੇ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ ਵਿੱਚ ਕਿਹਾ ਕਿ ISB ਵਰਗੀਆਂ ਮਾਣਮੱਤੀਆਂ ਸੰਸਥਾਵਾਂ ਨੌਜਵਾਨਾਂ ਦੀ ਅਥਾਹ ਊਰਜਾ ਅਤੇ ਸਮਰੱਥਾ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਹੁਨਰ ਅਤੇ ਕਾਬਲੀਅਤ ਦੀ ਕੋਈ ਕਮੀ ਨਹੀਂ ਹੈ, ਸਗੋਂ ਲੋੜ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਸਹੀ ਮੌਕੇ ਅਤੇ ਮੰਚ ਪ੍ਰਦਾਨ ਕਰਨ ਦੀ ਹੈ। ਉਨ੍ਹਾਂ ਦੱਸਿਆ ਕਿ ਇਸੇ ਸੋਚ ਤਹਿਤ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਿਤ ਕੀਤੇ ਗਏ ਹਨ, ਜਿੱਥੇ ਵਿਦਿਆਰਥੀਆਂ ਨੂੰ ਨਵੇਂ ਕਾਰੋਬਾਰੀ ਵਿਚਾਰਾਂ ਨੂੰ ਅਮਲ ਵਿੱਚ ਲਿਆਉਣ ਲਈ ਸੀਡ ਮਨੀ ਮੁਹੱਈਆ ਕਰਵਾਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਹੁਨਰ ਦੇ ਦਮ ’ਤੇ ਦੁਨੀਆ ਭਰ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ ਵੀ ਦਿੱਤਾ।








