ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ*

Top Trending News ਪੰਜਾਬ

  • ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ*
  • ਭਗਵੰਤ ਮਾਨ ਸਰਕਾਰ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
  • ਵਿਭਾਗਾਂ ਨੂੰ ਵਰਕਰਾਂ ਦੇ ਰੁਜ਼ਗਾਰ ਅਤੇ ਵਿੱਤੀ ਮਾਮਲਿਆਂ ਦੀਆਂ ਤਜਵੀਜ਼ਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ
  • ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਵਰਕਰਾਂ ਨੂੰ ਜ਼ਮੀਨੀ ਪੱਧਰ ‘ਤੇ ਆ ਰਹੀਆਂ ਮੁਸ਼ਕਲਾਂ ਤੁਰੰਤ ਹੱਲ ਕਰਨ ਦੀਆਂ ਹਦਾਇਤਾਂ

ਚੰਡੀਗੜ੍ਹ, 21 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਅਤੇ ਮਾਣ-ਭੱਤਾ ਵਰਕਰਾਂ ਦੇ ਸਾਂਝੇ ਮੋਰਚੇ ਨਾਲ ਵਿਸਤ੍ਰਿਤ ਮੀਟਿੰਗਾਂ ਕੀਤੀਆਂ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਰਕਰਾਂ ਦੀਆਂ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ, “ਮੈਂ ਸਬੰਧਤ ਵਿਭਾਗਾਂ ਨੂੰ ਵਿਭਾਗੀ ਪੱਧਰ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਰੁਜ਼ਗਾਰ ਦੇ ਮਾਮਲਿਆਂ ਨਾਲ ਸਬੰਧਤ ਸਾਰੀਆਂ ਜਾਇਜ਼ ਤਜਵੀਜ਼ਾਂ ਪਰਸੋਨਲ ਵਿਭਾਗ ਨੂੰ ਭੇਜੀਆਂ ਜਾਣ, ਜਦੋਂ ਕਿ ਵਿੱਤੀ ਪਹਿਲੂਆਂ ਵਾਲੇ ਮਾਮਲੇ ਵਿੱਤ ਵਿਭਾਗ ਨੂੰ ਭੇਜੇ ਜਾਣ ਦੇ ਨਿਰਦੇਸ਼ ਦਿੱਤੇ।”

ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਯੂਨੀਅਨ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ, “ਭਗਵੰਤ ਸਿੰਘ ਮਾਨ ਸਰਕਾਰ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਅਤੇ ਇਸ ਸਬੰਧੀ ਲੋੜੀਂਦੀ ਕਾਗਜ਼ੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ।”

ਕਾਮਿਆਂ ਲਈ ਤੁਰੰਤ ਰਾਹਤ ਯਕੀਨੀ ਬਣਾਉਣ ਵਾਸਤੇ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ, “ਜ਼ਿਲ੍ਹਾ ਪੱਧਰੀ ਅਧਿਕਾਰੀ ਮਿਡ-ਡੇ-ਮੀਲ ਵਰਕਰਾਂ ਨੂੰ ਜ਼ਮੀਨੀ ਪੱਧਰ ‘ਤੇ ਆ ਰਹੀਆਂ ਵਿਵਹਾਰਕ ਮੁਸ਼ਕਲਾਂ ਦੀ ਸਰਗਰਮੀ ਨਾਲ ਨਿਗਰਾਨੀ ਕਰਨ ਅਤੇ ਉਨ੍ਹਾਂ ਦਾ ਤੁਰੰਤ ਹੱਲ ਕੱਢਣ।”

ਮੀਟਿੰਗ ਦੀ ਕਾਰਵਾਈ ਦੌਰਾਨ ਵੱਖ-ਵੱਖ ਨੁਮਾਇੰਦਿਆਂ ਨੇ ਕਮੇਟੀ ਅੱਗੇ ਆਪੋ-ਆਪਣੀਆਂ ਮੰਗਾਂ ਅਤੇ ਸ਼ਿਕਾਇਤਾਂ ਰੱਖੀਆਂ। ਵਫ਼ਦਾਂ ਵਿੱਚ ਮਿਡ-ਡੇ-ਮੀਲ ਕੁੱਕ ਯੂਨੀਅਨ (ਬੀ.ਐਮ.ਐਸ.) ਵੱਲੋਂ ਕਰਮ ਚੰਦ ਚਿੰਡਾਲੀਆ, ਕਮਲਜੀਤ ਕੌਰ, ਪਰਮਜੀਤ ਕੌਰ ਅਤੇ ਮੁਮਤਾਜ਼ ਘੁੰਗਰਾਣਾ, ਇਸੇ ਤਰ੍ਹਾਂ ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਜਸਮੇਲ ਕੌਰ ਬੀੜਕਲਾਂ, ਕੁਲਵਿੰਦਰ ਕੌਰ ਆਦਮਪੁਰ, ਦੇਵਰਾਜ ਵਰਮਾ, ਮੱਖਣ ਸਿੰਘ ਜਖੇਪਲ ਅਤੇ ਹਰਪਾਲ ਕੌਰ ਸ਼ਾਮਲ ਸਨ। ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫਰੰਟ ਦੀ ਨੁਮਾਇੰਦਗੀ ਹਰਜਿੰਦਰ ਕੌਰ ਲੋਪੇ, ਜੰਗਬਹਾਦਰ ਕੌਰ ਅਤੇ ਸਿਮਰਜੀਤ ਕੌਰ ਨੇ ਕੀਤੀ। ਇਸ ਤੋਂ ਇਲਾਵਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਬਿਮਲਾ ਦੇਵੀ, ਪ੍ਰਵੀਨ ਬਾਲਾ, ਕਮਲੇਸ਼ ਕੌਰ ਅਤੇ ਕਮਲਜੀਤ ਕੌਰ ਹਾਜ਼ਰ ਸਨ। ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਦੀਪਕ ਨਾਗਪਾਲ, ਪ੍ਰਵੀਨ ਸ਼ਰਮਾ, ਵਿਜੇ ਕੁਮਾਰ ਅਤੇ ਦਵਿੰਦਰ ਸਿੰਘ ਤੇਜਾ ਨੇ ਆਪਣੇ ਮਸਲੇ ਰੱਖੇ, ਜਿਨ੍ਹਾਂ ਦੇ ਨਾਲ ਮਾਣ-ਭੱਤਾ ਵਰਕਰਜ਼ ਸਾਂਝਾ ਮੋਰਚਾ ਵੱਲੋਂ ਪਰਮਜੀਤ ਕੌਰ, ਲਖਵਿੰਦਰ ਕੌਰ, ਮਮਤਾ ਸ਼ਰਮਾ, ਸਰਬਜੀਤ ਕੌਰ, ਸ਼ਕੁੰਤਲਾ ਅਤੇ ਰਮਨਜੀਤ ਨੇ ਵੀ ਸ਼ਿਰਕਤ ਕੀਤੀ।