ਪੁਲਿਸ ਮੁਲਾਜ਼ਮਾਂ ਸਬੰਧੀ ਐਡਵਾਈਜ਼ਰੀ ਨੇ ਕੀਤਾ ਸਪਸ਼ੱਟ ਕਿ ਪੰਜਾਬ ਵਿੱਚ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ: ਵੜਿੰਗ

Top Trending News ਪੰਜਾਬ

  • ਪੁਲਿਸ ਮੁਲਾਜ਼ਮਾਂ ਸਬੰਧੀ ਐਡਵਾਈਜ਼ਰੀ ਨੇ ਕੀਤਾ ਸਪਸ਼ੱਟ ਕਿ ਪੰਜਾਬ ਵਿੱਚ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ: ਵੜਿੰਗ
  • ਕਾਂਗਰਸ ਲੰਬੇ ਸਮੇਂ ਤੋਂ ਕਹਿ ਰਹੀ ਹੈ ਕਿ ਪੰਜਾਬ ਵਿੱਚ ਪੁਲਿਸ ਮੁਲਾਜ਼ਮ ਸੁਰੱਖਿਅਤ ਨਹੀਂ ਹਨ: ਵੜਿੰਗ
  • ਕਿਹਾ, ਪੁਲਿਸ ਐਡਵਾਈਜ਼ਰੀ ਨੇ ਵੀ ਕਾਂਗਰਸ ਦੀ ਚਿੰਤਾ ਦੀ ਪੁਸ਼ਟੀ ਕੀਤੀ ਹੈ

ਚੰਡੀਗੜ੍ਹ, 22 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਨੂੰ ਕਿਹਾ ਕਿ ਵਰਦੀ ਸਬੰਧੀ ਪੁਲਿਸ ਮੁਲਾਜ਼ਮਾਂ ਨੂੰ ਜਾਰੀ ਕੀਤੀ ਗਈ ਐਡਵਾਈਜ਼ਰੀ ਨੇ ਕਾਂਗਰਸ ਦੀ ਚਿੰਤਾਵਾਂ ਨੂੰ ਸੱਚ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਪੁਲਿਸ ਵੀ ਸੁਰੱਖਿਅਤ ਨਹੀਂ ਹੈ।

ਪੁਲਿਸ ਮੁਲਾਜ਼ਮਾਂ ਨੂੰ ਆਉਣ-ਜਾਣ ਵੇਲੇ ਵਰਦੀ ਪਾਉਣ ਤੋਂ ਗੁਰੇਜ਼ ਕਰਨ ਸਬੰਧੀ ਐਡਵਾਈਜ਼ਰੀ ਨੂੰ ਪੰਜਾਬ ਸਰਕਾਰ ਵੱਲੋਂ ਨਕਾਰੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਮਸਲਾ ਸਿਰਫ਼ ਦਸਤਾਵੇਜ਼ ਦੇ ਅਸਲੀ ਜਾਂ ਨਕਲੀ ਹੋਣ ਦਾ ਨਹੀਂ ਹੈ, ਸਗੋਂ ਪੁਲਿਸ ਫੋਰਸ ਸਨਮੁੱਖ ਸੁਰੱਖਿਆ ਚਿੰਤਾਵਾਂ ਦਾ ਵੀ ਹੈ।

ਉਨ੍ਹਾਂ ਕਿਹਾ, “ਭਾਵੇਂ ਮੈਂ ਇਹ ਨਹੀਂ ਮੰਨਦਾ ਕਿ ਇਹ ਐਡਵਾਈਜ਼ਰੀ ਨੋਟ ਜਾਅਲੀ ਹੈ ਜਿਵੇਂ ਕਿ ਸਰਕਾਰ ਦਾਅਵਾ ਕਰ ਰਹੀ ਹੈ, ਪਰ ਮੁੱਦਾ ਦਸਤਾਵੇਜ਼ ਦੇ ਅਸਲੀ ਹੋਣ ਦਾ ਨਹੀਂ, ਸਗੋਂ ਪੁਲਿਸ ਵਾਲਿਆਂ ਦੀ ਸੁਰੱਖਿਆ ਨਾਲ ਜੁੜੀ ਕੌੜੀ ਸੱਚਾਈ ਦਾ ਹੈ।” ਉਨ੍ਹਾਂ ਇਸ ਗੱਲ ਵੱਲ ਇਸ਼ਾਰਾ ਕੀਤਾ ਕਿ ਕਿਵੇਂ ਪੰਜਾਬ ਵਿੱਚ ਬਿਨਾਂ ਕਿਸੇ ਕਾਨੂੰਨ ਦੇ ਡਰ ਤੋਂ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਕਤਲ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਭੇਜੇ ਜਾ ਰਹੇ ਪੱਤਰ ਅਤੇ ਵੌਇਸ ਸੰਦੇਸ਼ ਵਿੱਚ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਦਾ ਜ਼ਿਕਰ ਵੀ ਹੈ, ਤਾਂ ਫਿਰ ਇਨ੍ਹਾਂ ਵੱਲ ਧਿਆਨ ਦਿਵਾਉਣ ਵਿੱਚ ਕੀ ਗਲਤ ਹੈ?

ਵੜਿੰਗ ਨੇ ਅੱਗੇ ਦਲੀਲ ਦਿੱਤੀ ਕਿ ਦਸਤਾਵੇਜ਼ ਵਿੱਚ ਖੁਦ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਜ਼ਿਕਰ ਹੈ। ਉਨ੍ਹਾਂ ਕਿਹਾ, “ਤੁਸੀਂ ਕਹਿ ਰਹੇ ਹੋ ਕਿ ਉਨ੍ਹਾਂ ਨੂੰ ਨਿਸ਼ਾਨਾ ਨਹੀਂ ਬਣਾਇਆ ਜਾ ਰਿਹਾ। ਮੈਂ ਕਹਿ ਰਿਹਾ ਹਾਂ ਕਿ ਬਣਾਇਆ ਜਾ ਰਿਹਾ ਹੈ, ਅਤੇ ਪੁਲਿਸ ਮੁਲਾਜ਼ਮ ਖੁਦ ਵੀ ਇਹ ਮੰਨ ਰਹੇ ਹਨ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।”

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਅਤੇ ਪੁਲਿਸ ਅਦਾਰਿਆਂ ’ਤੇ ਹੋਏ ਤਾਜ਼ਾ ਹਮਲਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਪੁਲਿਸ ਥਾਣਿਆਂ ਅਤੇ ਚੌਕੀਆਂ ਵਿਰੁੱਧ ਹੈਂਡ ਗ੍ਰਨੇਡਾਂ ਦੀ ਵਰਤੋਂ ਕੀਤੀ ਗਈ ਹੈ ਅਤੇ ਪੁਲਿਸ ਵਾਲਿਆਂ ’ਤੇ ਹਮਲੇ ਹੋਏ ਹਨ।

ਅੰਮ੍ਰਿਤਸਰ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ ਦੇ ਹਾਲ ਹੀ ਵਿੱਚ ਹੋਏ ਕਤਲ ਦਾ ਹਵਾਲਾ ਦਿੰਦਿਆਂ ਵੜਿੰਗ ਨੇ ਕਿਹਾ ਕਿ ਇਹ ਘਟਨਾ ਪੁਲਿਸ ਸਾਹਮਣੇ ਖੜ੍ਹੀਆਂ ਸੁਰੱਖਿਆ ਚੁਣੌਤੀਆਂ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਏ.ਐੱਸ.ਆਈ. ਹਰਜੀਤ ਸਿੰਘ ਦੇ ਕਤਲ ਨੇ ਇਨ੍ਹਾਂ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ।
ਸੂਬੇ ਵਿੱਚ ਕਾਨੂੰਨ ਵਿਵਸਥਾ ਦੇ ਵਿਗੜ ਰਹੇ ਹਾਲਾਤ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਕਿਹਾ, “ਸਰਕਾਰ ਨੂੰ ਇੱਕ ਗੱਲ ਸਵੀਕਾਰ ਕਰਨੀ ਚਾਹੀਦੀ ਹੈ ਕਿ ਪੰਜਾਬ ਵਿੱਚ ਹਾਲਾਤ ਬਹੁਤ ਮਾੜੇ ਹਨ।”

ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਉੱਚ ਅਨੁਸ਼ਾਸਿਤ ਅਤੇ ਬਹਾਦਰ ਫੋਰਸ ਰਹੀ ਹੈ ਜਿਸ ਨੇ ਪੰਜਾਬ ਦੇ ਕਾਲੇ ਦੌਰ ਨੂੰ ਖ਼ਤਮ ਕੀਤਾ ਸੀ। ਉਨ੍ਹਾਂ ਅੱਗੇ ਕਿਹਾ, “ਪਰ ਬਦਕਿਸਮਤੀ ਨਾਲ ਪੰਜਾਬ ਦੀ ਮੌਜੂਦਾ ਸਰਕਾਰ ਕੋਲ ਸੂਬੇ ਸਾਹਮਣੇ ਚੁਣੌਤੀਆਂ ਲਈ ਖਾਸ ਕਰਕੇ ਅਮਨ-ਕਾਨੂੰਨ ਨੂੰ ਲੈ ਕੇ ਨਜਿੱਠਣ ਲਈ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਹੈ।”