ਅਮਰਜੀਤ ਚਾਵਲਾ ਮਾਮਲੇ ‘ਚ SGPC ਨੇ ਬਣਾਈ 4 ਮੈਂਬਰੀ ਕਮੇਟੀ

Top Trending News ਪੰਜਾਬ

  • ਅਮਰਜੀਤ ਚਾਵਲਾ ਮਾਮਲੇ ‘ਚ SGPC ਨੇ ਬਣਾਈ 4 ਮੈਂਬਰੀ ਕਮੇਟੀ
  • 15 ਦਿਨਾਂ ’ਚ ਰਿਪੋਰਟ ਦੇਣ ਦੇ ਹੁਕਮ

ਅੰਮ੍ਰਿਤਸਰ, 22 ਸਤੰਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਆਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੀ ਸੱਚਾਈ ਸਾਹਮਣੇ ਲਿਆਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 4 ਮੈਂਬਰੀ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀਡੀਓ ਸੰਦੇਸ਼ ਜਾਰੀ ਕਰਦਿਆਂ ਇਹ ਜਾਣਕਾਰੀ ਦਿੱਤੀ।

ਕਮੇਟੀ ਵਿੱਚ ਬਲਦੇਵ ਸਿੰਘ ਕਾਇਮਪੁਰੀ, ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ ਭੋਲੂਵਾਲ ਅਤੇ ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਸ਼ਾਮਲ ਕੀਤਾ ਗਿਆ ਹੈ। ਬਲਵਿੰਦਰ ਸਿੰਘ ਕਾਹਲਵਾਂ ਨੂੰ ਕਮੇਟੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਕਮੇਟੀ ਨੂੰ ਘਟਨਾ ਨਾਲ ਸਬੰਧਤ ਸਾਰੇ ਪੱਖਾਂ ਦੀ ਜਾਂਚ ਕਰਕੇ 15 ਦਿਨਾਂ ਦੇ ਅੰਦਰ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। ਧਾਮੀ ਨੇ ਕਿਹਾ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ ਅਤੇ ਸੰਗਤ ਤੇ ਮੀਡੀਆ ਵੱਲੋਂ ਪੁੱਛੇ ਜਾਣ ਵਾਲੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ।

ਵਧੀਕ ਹੈੱਡ ਗ੍ਰੰਥੀ ਸੇਵਾ ਤੋਂ ਮੁਕਤ
SGPC ਪ੍ਰਧਾਨ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਤਹਿਤ ਮਲਕੀਅਤ ਸਿੰਘ, ਵਧੀਕ ਹੈੱਡ ਗ੍ਰੰਥੀ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਕਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅਮਰਜੀਤ ਸਿੰਘ ਚਾਵਲਾ ਵੱਲੋਂ ਦਿੱਤਾ ਅਸਤੀਫ਼ਾ ਵੀ ਮਨਜ਼ੂਰ ਕਰ ਲਿਆ ਗਿਆ ਹੈ।

ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਚਰਚਾਵਾਂ ਅਤੇ ਅਫਵਾਹਾਂ ਬਾਰੇ ਧਾਮੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਪਹਿਲਾਂ ਇਸ ਸਬੰਧੀ ਕੋਈ ਗਲਤ ਜਾਣਕਾਰੀ ਨਹੀਂ ਲਿਆਂਦੀ ਗਈ ਸੀ। ਉਨ੍ਹਾਂ ਮੀਡੀਆ ਅਤੇ ਸੰਗਤ ਨੂੰ ਸੰਵੇਦਨਸ਼ੀਲ ਮਾਮਲੇ ਵਿੱਚ ਮਰਿਆਦਾ ਤੇ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਸੱਚਾਈ ਸਾਹਮਣੇ ਆਉਣੀ ਜ਼ਰੂਰੀ ਹੈ ਅਤੇ ਪੁਲੀਸ ਵੱਲੋਂ ਵੀ ਜਾਂਚ ਨਿਰਪੱਖ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਕਿਸੇ ਨਾਲ ਬੇਇਨਸਾਫ਼ੀ ਨਾ ਹੋਵੇ।