ED ਦੀ ਰੇਡ ‘ਤੇ ਬੋਲੇ ਕੈਬਨਿਟ ਮੰਤਰੀ ਹਰਦੀਪ ਮੁੰਡੀਆਂ- “ਮੈਂ ਚੰਡੀਗੜ੍ਹ ‘ਚ ਹੀ ਹਾਂ, ਬਿੱਟੂ ਦੀ ਟਰੈਵਲ ਏਜੰਸੀ ਅਸਫ਼ਲ ਰਹੀ”
ਚੰਡੀਗੜ੍ਹ, 24 ਸਤੰਬਰ 2026- ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਏ ਗਏ ਦੋਸ਼ਾਂ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਮੁੰਡੀਆਂ ਨੇ ਰਵਨੀਤ ਬਿੱਟੂ ਦੇ ਉਸ ਦਾਅਵੇ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਮੰਤਰੀ ਭਾਰਤ ਛੱਡ ਕੇ ਵਿਦੇਸ਼ ਭੱਜ ਗਏ ਹਨ। ਮੰਤਰੀ ਮੁੰਡੀਆਂ ਨੇ ਸਪੱਸ਼ਟ ਕੀਤਾ ਕਿ ਉਹ ਕਿਤੇ ਨਹੀਂ ਗਏ ਅਤੇ ਚੰਡੀਗੜ੍ਹ ਵਿੱਚ ਹੀ ਮੌਜੂਦ ਹਨ। ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਦੀ ਟਰੈਵਲ ਏਜੰਸੀ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਜੋ ਅਜਿਹੀਆਂ ਝੂਠੀਆਂ ਅਫ਼ਵਾਹਾਂ ਫੈਲਾ ਰਹੀ ਹੈ।
ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਕਾਰਵਾਈ ‘ਤੇ ਆਪਣਾ ਵੱਡਾ ਬਿਆਨ ਦਿੰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਬੀਤੇ ਦਿਨੀਂ ਈਡੀ ਵੱਲੋਂ ਉਨ੍ਹਾਂ ਦੇ ਭਤੀਜੇ ਗੁਰਪ੍ਰੀਤ ਸਿੰਘ ਪ੍ਰਿੰਸ ਦੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਰਵਾਈ ਦੌਰਾਨ ਏਜੰਸੀ ਨੂੰ ਉਨ੍ਹਾਂ ਦੇ ਭਤੀਜੇ ਦੇ ਘਰੋਂ ਕੋਈ ਵੀ ਗੈਰ-ਕਾਨੂੰਨੀ ਚੀਜ਼ ਜਾਂ ਇਤਰਾਜ਼ਯੋਗ ਦਸਤਾਵੇਜ਼ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਏਜੰਸੀਆਂ ਦੀ ਵਰਤੋਂ ਸਿਰਫ਼ ਰਾਜਨੀਤਿਕ ਬਦਲਾਖੋਰੀ ਲਈ ਕੀਤੀ ਜਾ ਰਹੀ ਹੈ ਤਾਂ ਜੋ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਬਦਨਾਮ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕੀਤੀ ਸੀ। ਆਪਣੀ ਇਸ ਪੋਸਟ ਵਿੱਚ ਬਿੱਟੂ ਨੇ ਦਾਅਵਾ ਕੀਤਾ ਸੀ ਕਿ ਈਡੀ ਦੀ ਕਾਰਵਾਈ ਦੇ ਡਰੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਭਾਰਤ ਛੱਡ ਕੇ ਵਿਦੇਸ਼ ਚਲੇ ਗਏ ਹਨ। ਬਿੱਟੂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਸੀ, ਜਿਸ ‘ਤੇ ਹੁਣ ਕੈਬਨਿਟ ਮੰਤਰੀ ਨੇ ਖੁਦ ਸਾਹਮਣੇ ਆ ਕੇ ਸਾਰੇ ਤੱਥ ਸਪੱਸ਼ਟ ਕੀਤੇ ਹਨ।
ਮੁੰਡੀਆਂ ਨੇ ਭਾਜਪਾ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅੰਦਰ ਈਡੀ ਸਮੇਤ ਹੋਰ ਕੇਂਦਰੀ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਤੋਂ ਬੋਖਲਾ ਗਈ ਹੈ, ਇਸੇ ਲਈ ਵਿਰੋਧੀ ਆਗੂਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਰ ਅਜਿਹੀਆਂ ਧੱਕੇਸ਼ਾਹੀਆਂ ਨਾਲ ਪੰਜਾਬ ਦੇ ਮੰਤਰੀ ਜਾਂ ‘ਆਪ’ ਆਗੂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਅੰਤ ਵਿੱਚ ਕਿਹਾ ਕਿ ਸੱਚ ਸਦਾ ਸਾਹਮਣੇ ਆਉਂਦਾ ਹੈ ਅਤੇ ਜਨਤਾ ਸਭ ਦੇਖ ਰਹੀ ਹੈ ਕਿ ਕਿਸ ਤਰ੍ਹਾਂ ਕੇਂਦਰ ਸਰਕਾਰ ਵਿਰੋਧੀਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।








