ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕੰਪਲੈਕਸ ਕਰਵਾਇਆ ਖ਼ਾਲੀ

Top Trending News ਚੰਡੀਗੜ੍ਹ ਪੰਜਾਬ

ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕੰਪਲੈਕਸ ਕਰਵਾਇਆ ਖ਼ਾਲੀ

ਚੰਡੀਗੜ੍ਹ, 25 ਸਤੰਬਰ 2026: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਚੰਡੀਗੜ੍ਹ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਧਮਕੀ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਹਾਈਕੋਰਟ ਕੰਪਲੈਕਸ ਨੂੰ ਖ਼ਾਲੀ ਕਰਵਾ ਦਿੱਤਾ। ਜੱਜਾਂ, ਵਕੀਲਾਂ, ਅਦਾਲਤੀ ਸਟਾਫ਼ ਅਤੇ ਹੋਰ ਲੋਕਾਂ ਨੂੰ ਸੁਰੱਖਿਅਤ ਥਾਂ ’ਤੇ ਭੇਜ ਦਿੱਤਾ ਗਿਆ।

ਸੂਚਨਾ ਮਿਲਣ ਉਪਰੰਤ ਪੁਲਿਸ ਕੰਟਰੋਲ ਰੂਮ ਦੀਆਂ ਟੀਮਾਂ, ਫਾਇਰ ਬ੍ਰਿਗੇਡ, ਐਂਬੂਲੈਂਸਾਂ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਆਇਡ ਨੂੰ ਮੌਕੇ ’ਤੇ ਤਾਇਨਾਤ ਕੀਤਾ ਗਿਆ। ਸੁਰੱਖਿਆ ਟੀਮਾਂ ਵੱਲੋਂ ਹਾਈਕੋਰਟ ਦੇ ਅੰਦਰੂਨੀ ਅਤੇ ਬਾਹਰੀ ਹਿੱਸਿਆਂ ਸਮੇਤ ਪਾਰਕਿੰਗ ਖੇਤਰ ਅਤੇ ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਮੁੱਢਲੀ ਜਾਣਕਾਰੀ ਮੁਤਾਬਕ ਸਰਚ ਆਪ੍ਰੇਸ਼ਨ ਦੌਰਾਨ ਹੁਣ ਤੱਕ ਕੋਈ ਸ਼ੱਕੀ ਜਾਂ ਵਿਸਫੋਟਕ ਸਮੱਗਰੀ ਨਹੀਂ ਮਿਲੀ। ਇਸ ਦੌਰਾਨ ਪੁਲਿਸ ਅਤੇ ਸਾਈਬਰ ਸੈੱਲ ਵੱਲੋਂ ਧਮਕੀ ਦੇ ਸਰੋਤ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀ ਕਾਲ ਜਾਂ ਸੰਦੇਸ਼ ਨਾਲ ਸਬੰਧਤ ਤਕਨੀਕੀ ਜਾਣਕਾਰੀ ਦੀ ਵੀ ਜਾਂਚ ਕਰ ਰਹੇ ਹਨ।

ਪੁਲਿਸ ਵੱਲੋਂ ਸਾਵਧਾਨੀ ਵਜੋਂ ਹਾਈਕੋਰਟ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਇਸ ਤੋਂ ਪਹਿਲਾਂ ਵੀ ਵੱਖ-ਵੱਖ ਸਰਕਾਰੀ ਅਦਾਰਿਆਂ ਅਤੇ ਜਨਤਕ ਥਾਵਾਂ ਨੂੰ ਧਮਕੀਆਂ ਮਿਲ ਚੁੱਕੀਆਂ ਹਨ।