ਦਿਨ-ਦਿਹਾੜੇ ਮਹਿਲਾ ਸਰਪੰਚ ਨੂੰ ਬਣਾਇਆ ਲੁੱਟ ਦਾ ਨਿਸ਼ਾਨਾ, ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋਏ ਲੁਟੇਰੇ

Top Trending News ਪੰਜਾਬ

ਦਿਨ-ਦਿਹਾੜੇ ਮਹਿਲਾ ਸਰਪੰਚ ਨੂੰ ਬਣਾਇਆ ਲੁੱਟ ਦਾ ਨਿਸ਼ਾਨਾ, ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋਏ ਲੁਟੇਰੇ

ਅੰਮ੍ਰਿਤਸਰ, 25 ਸਤੰਬਰ 2026- ਅੰਮ੍ਰਿਤਸਰ ਦੇ ਪਿੰਡ ਸੈਦੋਲੇਹਲ ਵਿੱਚ ਦਿਨ-ਦਿਹਾੜੇ ਲੁੱਟ ਦੀ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇੱਥੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਝਪਟਮਾਰਾਂ ਨੇ ਪਿੰਡ ਦੀ ਮੌਜੂਦਾ ਮਹਿਲਾ ਸਰਪੰਚ ਅਮਰਜੀਤ ਕੌਰ ਨੂੰ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਨੋਚ ਕੇ ਫ਼ਰਾਰ ਹੋ ਗਏ।

ਮਿਲੀ ਜਾਣਕਾਰੀ ਅਨੁਸਾਰ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਸਰਪੰਚ ਅਮਰਜੀਤ ਕੌਰ ਪਿੰਡ ਵਿੱਚ ਮੌਜੂਦ ਸਨ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀ ਉਨ੍ਹਾਂ ਦੇ ਨੇੜੇ ਪਹੁੰਚੇ ਅਤੇ ਅਚਾਨਕ ਝਪਟਾ ਮਾਰ ਕੇ ਕੰਨਾਂ ਵਿੱਚ ਪਾਈਆਂ ਸੋਨੇ ਦੀਆਂ ਵਾਲੀਆਂ ਖਿੱਚ ਲਈਆਂ। ਝਪਟਮਾਰ ਇੰਨੀ ਤੇਜ਼ੀ ਨਾਲ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਨਿਕਲ ਗਏ ਕਿ ਆਸ-ਪਾਸ ਮੌਜੂਦ ਲੋਕਾਂ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ।

ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕਥਿਤ ਤੌਰ ’ਤੇ ਮੋਟਰਸਾਈਕਲ ਸਵਾਰ ਝਪਟਮਾਰ ਨਜ਼ਰ ਆ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਕੇ ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।