ਗਮਾਡਾ ’ਤੇ ED ਦੀ ਕਾਰਵਾਈ ਨੂੰ ਲੈ ਕੇ ‘ਆਪ’ ’ਤੇ ਵਰ੍ਹੇ ਕੇਵਲ ਢਿੱਲੋਂ, ਕਿਹਾ- ‘ਜਾਂਚ ਦਾ ਸਾਹਮਣਾ ਤੱਥਾਂ ਨਾਲ ਕਰੋ’
ਚੰਡੀਗੜ੍ਹ, 25 ਸਤੰਬਰ 2026
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗਮਾਡਾ ਸਮੇਤ ਪੰਜਾਬ ਅਤੇ ਚੰਡੀਗੜ੍ਹ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗਈ ਤਲਾਸ਼ੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਦੱਸਣ ਵਾਲੇ ਆਮ ਆਦਮੀ ਪਾਰਟੀ ਦੇ ਦੋਸ਼ਾਂ ’ਤੇ ਪ੍ਰਤੀਕਿਰਿਆ ਦਿੱਤੀ ਹੈ। ਢਿੱਲੋਂ ਨੇ ਕਿਹਾ ਕਿ ਜਾਂਚ ਏਜੰਸੀ ਦੀ ਕਾਰਵਾਈ ’ਤੇ ਸਿਆਸੀ ਦੋਸ਼ ਲਗਾਉਣ ਦੀ ਬਜਾਏ ਸਰਕਾਰ ਨੂੰ ਜਾਂਚ ਨਾਲ ਜੁੜੇ ਸਵਾਲਾਂ ਦੇ ਜਵਾਬ ਤੱਥਾਂ ਅਤੇ ਦਸਤਾਵੇਜ਼ਾਂ ਰਾਹੀਂ ਦੇਣੇ ਚਾਹੀਦੇ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਈਡੀ ਵੱਲੋਂ ਪੰਜਾਬ ਪੁਲਿਸ ਨੂੰ ਐਫਆਈਆਰ ਦਰਜ ਕਰਨ ਲਈ ਕਈ ਵਾਰ ਪੱਤਰ ਲਿਖੇ ਗਏ ਸਨ, ਪਰ ਸੂਬਾ ਸਰਕਾਰ ਵੱਲੋਂ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜਾਂਚ ਦੇ ਘੇਰੇ ਵਿੱਚ ਆਏ ਕੁਝ ਅਧਿਕਾਰੀ ਏਜੰਸੀ ਅੱਗੇ ਪੇਸ਼ ਨਹੀਂ ਹੋਏ।
ਢਿੱਲੋਂ ਨੇ ਕਿਹਾ ਕਿ ਜੇ ਗਮਾਡਾ ਨਾਲ ਸਬੰਧਤ ਫੈਸਲੇ ਅਤੇ ਲੈਣ-ਦੇਣ ਪਾਰਦਰਸ਼ੀ ਹਨ ਤਾਂ ਜਾਂਚ ਦਾ ਸਾਹਮਣਾ ਤੱਥਾਂ ਨਾਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਮਾਡਾ ਵਿੱਚ ਕਥਿਤ ਭ੍ਰਿਸ਼ਟਾਚਾਰ ਦਾ ਮੁੱਦਾ ‘ਆਪ’ ਦੇ ਸੰਸਦ ਮੈਂਬਰਾਂ ਵੱਲੋਂ ਵੀ ਉਠਾਇਆ ਗਿਆ ਹੈ।
ਭਾਜਪਾ ਆਗੂ ਨੇ ਸਪੱਸ਼ਟ ਕੀਤਾ ਕਿ ਭਾਜਪਾ ਜਾਂਚ ਏਜੰਸੀਆਂ ਦਾ ਕੰਮ ਨਹੀਂ ਕਰਦੀ ਅਤੇ ਨਾ ਹੀ ਕਿਸੇ ਨੂੰ ਦੋਸ਼ੀ ਕਰਾਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨ ਦਿੱਤਾ ਜਾਣਾ ਚਾਹੀਦਾ ਹੈ ਅਤੇ ਜਾਂਚ ਤੋਂ ਬਾਅਦ ਤੱਥ ਸਾਹਮਣੇ ਆਉਣੇ ਚਾਹੀਦੇ ਹਨ।







