- ਪੰਜਾਬ ਦੀਆਂ ਮੇਰੀਆਂ ਮਾਵਾਂ-ਧੀਆਂ ਨਾਲ ਇਨਸਾਫ਼ ਹੋਣਾ ਚਾਹੀਦਾ: ਹਰਸਿਮਰਤ ਬਾਦਲ
- ₹60 ਹਜ਼ਾਰ ਦੇਣ ਦਾ ਵਾਅਦਾ ਕੀਤਾ ਸੀ, ਹੁਣ ₹1,000 ਦੀਆਂ ਕਿਸ਼ਤਾਂ ਦੀ ਗੱਲ
- ਮਹਿਲਾ ਇਕੱਤਰਤਾ ਵਿੱਚ ਸਰਕਾਰ ’ਤੇ ਵਰ੍ਹੀ ਹਰਸਿਮਰਤ ਬਾਦਲ
ਮੋਹਾਲੀ, 26 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼ਨੀਵਾਰ ਨੂੰ ਮੋਹਾਲੀ ਵਿੱਚ ਕਰਵਾਈ ਮਹਿਲਾ ਇਕੱਤਰਤਾ ਦੌਰਾਨ ਪੰਜਾਬ ਸਰਕਾਰ ’ਤੇ ਮਹਿਲਾਵਾਂ ਨਾਲ ਕੀਤੇ ਵਾਅਦਿਆਂ ਨੂੰ ਲੈ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਸੂਬੇ ਦੀ ਅੱਧੀ ਆਬਾਦੀ ਹਨ ਅਤੇ ਉਨ੍ਹਾਂ ਨਾਲ ਇਨਸਾਫ਼ ਹੋਣਾ ਚਾਹੀਦਾ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਹੁਣ ਪੂਰੀ ਰਕਮ ਦੇਣ ਦੀ ਬਜਾਏ ਕਿਸ਼ਤਾਂ ਵਿੱਚ ਰਕਮ ਦੇਣ ਦੀ ਗੱਲ ਕੀਤੀ ਜਾ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਮਹਿਲਾਵਾਂ ਨੂੰ ₹60 ਹਜ਼ਾਰ ਦੇਣ ਦਾ ਭਰੋਸਾ ਦਿੱਤਾ ਸੀ, ਪਰ ਹੁਣ ₹1,000 ਦੀਆਂ ਕਿਸ਼ਤਾਂ ਦੀ ਗੱਲ ਹੋ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਵਿੱਚ ਸਰਕਾਰ ਨੂੰ ਮੁਸ਼ਕਲ ਕਿਉਂ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਾਵਾਂ ਅਤੇ ਧੀਆਂ ਨੇ ਸਰਕਾਰ ’ਤੇ ਭਰੋਸਾ ਕੀਤਾ ਸੀ, ਪਰ ਹੁਣ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਉਠਾਉਣੀ ਪੈ ਰਹੀ ਹੈ। ਉਨ੍ਹਾਂ ਮਹਿਲਾਵਾਂ ਦੀ ਸੁਰੱਖਿਆ, ਸਨਮਾਨ, ਆਰਥਿਕ ਹੱਕ ਅਤੇ ਇਨਸਾਫ਼ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ। ਮਹਿਲਾ ਇਕੱਤਰਤਾ ਦੌਰਾਨ ਹਰਸਿਮਰਤ ਬਾਦਲ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਵੀ ਪ੍ਰਮੁੱਖਤਾ ਨਾਲ ਉਠਾਇਆ।
ਉਨ੍ਹਾਂ ਦੋਸ਼ ਲਾਇਆ ਕਿ ਨਸ਼ੇ ਦਾ ਪ੍ਰਭਾਵ ਪਿੰਡ-ਪਿੰਡ ਤੱਕ ਪਹੁੰਚ ਚੁੱਕਾ ਹੈ। ਉਨ੍ਹਾਂ ਨਸ਼ੇ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਅਤੇ ਨਸ਼ਿਆਂ ਨਾਲ ਜੁੜੇ ਮਾਮਲਿਆਂ ਵਿੱਚ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਉਨ੍ਹਾਂ ਪੁਲਿਸ ਕਾਰਵਾਈ ਅਤੇ ਕਥਿਤ ਤੌਰ ’ਤੇ ਦਬਾਏ ਗਏ ਮਾਮਲਿਆਂ ਦੀ ਸਮਾਂਬੱਧ ਜਾਂਚ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮਹਿਲਾਵਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ‘ਮਾਵਾਂ-ਧੀਆਂ’ ਮੁਹਿੰਮ ਰਾਹੀਂ ਇਨ੍ਹਾਂ ਮੁੱਦਿਆਂ ਨੂੰ ਲਗਾਤਾਰ ਉਠਾਉਂਦਾ ਰਹੇਗਾ। ਇਕੱਤਰਤਾ ਵਿੱਚ ਮਹਿਲਾਵਾਂ ਦੇ ਹੱਕਾਂ, ਸੁਰੱਖਿਆ, ਨਸ਼ਿਆਂ ਖ਼ਿਲਾਫ਼ ਮੁਹਿੰਮ ਅਤੇ ਇਨਸਾਫ਼ ਨਾਲ ਜੁੜੇ ਮੁੱਦੇ ਚਰਚਾ ਦਾ ਕੇਂਦਰ ਰਹੇ।
ਗ੍ਰੈਂਡ ਰੋਮਾਨੀਆ ਪੈਲੇਸ, ਪਿੰਡ ਦੇਹੜੀ, ਲਾਂਡਰਾਂ-ਬਨੂੜ ਰੋਡ ਵਿਖੇ ਹੋਈ ਮਹਿਲਾ ਇਕੱਤਰਤਾ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦਾ ਆਯੋਜਨ ਸ਼੍ਰੋਮਣੀ ਅਕਾਲੀ ਦਲ ਦੀ ਮੋਹਾਲੀ ਇਕਾਈ ਦੇ ਮਹਿਲਾ ਵਿੰਗ ਵੱਲੋਂ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ, ਰਵਿੰਦਰ ਸਿੰਘ ਖੇੜਾ, ਪਰਮਜੀਤ ਕੌਰ ਲੰਡਰਾਂ, ਗੁਰਦੀਪ ਕੌਰ ਵਿੱਕੀ ਸਮੇਤ ਕਈ ਮਹਿਲਾ ਆਗੂ ਅਤੇ ਵਰਕਰ ਮੌਜੂਦ ਸਨ। ਸ਼੍ਰੋਮਣੀ ਅਕਾਲੀ ਦਲ ਮੋਹਾਲੀ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ ਦੀ ਅੱਧੀ ਆਬਾਦੀ ਮਹਿਲਾਵਾਂ ਦੀ ਹੈ ਅਤੇ ਉਨ੍ਹਾਂ ਦੇ ਹੱਕਾਂ, ਸੁਰੱਖਿਆ ਅਤੇ ਇਨਸਾਫ਼ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਮਾਵਾਂ ਅਤੇ ਧੀਆਂ ਦੀ ਆਵਾਜ਼ ਨੂੰ ਜਨਤਕ ਮੰਚ ’ਤੇ ਲਗਾਤਾਰ ਉਠਾਉਂਦੀ ਰਹੇਗੀ।







