Punjab Breaking: ਹੈਰੋਇਨ ਅਤੇ ਨਾਜਾਇਜ਼ ਪਿਸਤੌਲਾਂ ਸਮੇਤ ਪੁਲਿਸ ਇੰਸਪੈਕਟਰ ਗ੍ਰਿਫ਼ਤਾਰ
ਚੰਡੀਗੜ੍ਹ, 26 ਸਤੰਬਰ 2026- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਰਹੇ ਇੰਸਪੈਕਟਰ ਬਲਦੇਵ ਸਿੰਘ ਨੂੰ ਕਥਿਤ ਤੌਰ ’ਤੇ ਨਸ਼ਾ ਤਸਕਰੀ ਨਾਲ ਜੁੜੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ 3 ਕਿਲੋ 350 ਗ੍ਰਾਮ ਹੈਰੋਇਨ, 6 ਨਾਜਾਇਜ਼ ਪਿਸਤੌਲ ਅਤੇ 6 ਮੋਬਾਈਲ ਫੋਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਅਨੁਸਾਰ ਇੰਸਪੈਕਟਰ ਬਲਦੇਵ ਸਿੰਘ I-20 ਕਾਰ ਵਿੱਚ ਸਵਾਰ ਹੋ ਕੇ ਮੋਗਾ ਰੋਡ ਵੱਲ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਟੀਮ ਨੇ ਉਸ ਨੂੰ ਰੋਕ ਕੇ ਕਾਰ ਅਤੇ ਉਸ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਨਾਜਾਇਜ਼ ਹਥਿਆਰ ਮਿਲਣ ’ਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਜਾਣਕਾਰੀ ਮੁਤਾਬਕ ਬਲਦੇਵ ਸਿੰਘ ਪਹਿਲਾਂ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਰਿਹਾ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਈ ਅਹਿਮ ਕਾਰਵਾਈਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਦੱਸਿਆ ਜਾਂਦਾ ਹੈ ਕਿ ਉਸ ਦੀ ਅਗਵਾਈ ਹੇਠ ਵੱਡੀ ਮਾਤਰਾ ਵਿੱਚ ਹੈਰੋਇਨ ਸਮੇਤ ਕਈ ਸਮੱਗਲਰਾਂ ਨੂੰ ਕਾਬੂ ਕੀਤਾ ਗਿਆ ਸੀ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।







