ਅਵਾਰਾ ਕੁੱਤਿਆਂ ਦਾ ਕਹਿਰ, 6 ਬੱਚਿਆਂ ਸਮੇਤ 15 ਲੋਕਾਂ ਨੂੰ ਵੱਢਿਆ
ਫਗਵਾੜਾ 26 ਸਤੰਬਰ 2026
ਮਾਰਕਫੈੱਡ ਇਲਾਕੇ ਅਤੇ ਇਸ ਨਾਲ ਲੱਗਦੀਆਂ ਬਸਤੀਆਂ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਅਵਾਰਾ ਕੁੱਤੇ ਨੇ ਕਥਿਤ ਤੌਰ ’ਤੇ ਹਮਲਾ ਕਰਕੇ ਛੇ ਬੱਚਿਆਂ ਸਮੇਤ 15 ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਪਾਇਆ ਜਾ ਰਿਹਾ ਹੈ। ਜ਼ਖ਼ਮੀਆਂ ਵਿੱਚੋਂ ਕਈਆਂ ਨੂੰ ਗੰਭੀਰ ਸੱਟਾਂ ਲੱਗਣ ਦੀ ਜਾਣਕਾਰੀ ਹੈ।
ਹਮਲੇ ਤੋਂ ਬਾਅਦ ਸਾਰੇ ਪੀੜਤਾਂ ਨੂੰ ਇਲਾਜ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਐਮਰਜੈਂਸੀ ਡਿਊਟੀ ’ਤੇ ਤਾਇਨਾਤ ਡਾਕਟਰਾਂ ਡਾ. ਜਸ਼ਨ ਅਤੇ ਡਾ. ਯੁਕਤਾ ਨੇ ਦੱਸਿਆ ਕਿ ਮਾਰਕਫੈੱਡ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਇੱਕ ਕਾਲੇ ਰੰਗ ਦੇ ਅਵਾਰਾ ਕੁੱਤੇ ਵੱਲੋਂ ਲੋਕਾਂ ’ਤੇ ਹਮਲੇ ਕਰਨ ਤੋਂ ਬਾਅਦ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ। ਡਾਕਟਰਾਂ ਮੁਤਾਬਕ ਜ਼ਖ਼ਮੀਆਂ ਨੂੰ ਲੋੜ ਅਨੁਸਾਰ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ।
ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਅਵਾਰਾ ਕੁੱਤਿਆਂ ਦੀ ਸਮੱਸਿਆ ਵੱਲ ਤੁਰੰਤ ਧਿਆਨ ਦੇਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।







