CM ਮਾਨ ਦੇ ਸਾਹਮਣੇ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ: ਪਿਤਾ ਤਰਸੇਮ ਸਿੰਘ ਦਾ ਐਲਾਨ

Top Trending News ਪੰਜਾਬ
  • CM ਮਾਨ ਦੇ ਸਾਹਮਣੇ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ: ਪਿਤਾ ਤਰਸੇਮ ਸਿੰਘ ਦਾ ਐਲਾਨ

ਲੁਧਿਆਣਾ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਛਪਾਰ ਮੇਲੇ ਦੌਰਾਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਜ਼ਰੂਰ ਲੜਨਗੇ। ਧੂਰੀ ਹਲਕੇ ਤੋਂ ਉਨ੍ਹਾਂ ਦੇ ਚੋਣ ਲੜਨ ਦੀ ਸੰਭਾਵਨਾ ਵੀ ਜਤਾਈ ਗਈ ਹੈ। ਧੂਰੀ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਧਾਨ ਸਭਾ ਹਲਕਾ ਹੈ। ਹਾਲਾਂਕਿ, ਅੰਮ੍ਰਿਤਪਾਲ ਦੀਆਂ ਸੀਟਾਂ ਦਾ ਅੰਤਿਮ ਫੈਸਲਾ ਅਜੇ ਪਾਰਟੀ ਵੱਲੋਂ ਨਹੀਂ ਕੀਤਾ ਗਿਆ।

ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵਿੱਚੋਂ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਕੋਈ ਹੋਰ ਚੋਣ ਨਹੀਂ ਲੜੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ 35 ਤੋਂ ਵੱਧ ਵਿਧਾਨ ਸਭਾ ਹਲਕਿਆਂ ਵਿੱਚ ਹਲਕਾ ਇੰਚਾਰਜ ਨਿਯੁਕਤ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਵੱਖ-ਵੱਖ ਪੰਥਕ ਜਥੇਬੰਦੀਆਂ ਨਾਲ ਗਠਜੋੜ ਸਬੰਧੀ ਗੱਲਬਾਤ ਵੀ ਚੱਲ ਰਹੀ ਹੈ।

‘ਪੰਜਾਬ ਦੇ ਲੋਕਾਂ ਦਾ ਪਿਆਰ ਅੰਮ੍ਰਿਤਪਾਲ ਨਾਲ’
ਤਰਸੇਮ ਸਿੰਘ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਪਿਆਰ ਅਤੇ ਸਮਰਥਨ ਅੰਮ੍ਰਿਤਪਾਲ ਸਿੰਘ ਨਾਲ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਂਦੇ ਰਹੇ ਹਨ ਅਤੇ ਪੰਜਾਬ ਦੇ ਮੁੱਦਿਆਂ ਦੀ ਗੱਲ ਕਰਦੇ ਹਨ। ਉਨ੍ਹਾਂ ਸਰਕਾਰ ’ਤੇ ਅੰਮ੍ਰਿਤਪਾਲ ਨੂੰ ਜੇਲ੍ਹ ਤੋਂ ਬਾਹਰ ਨਾ ਆਉਣ ਦੇਣ ਦੇ ਦੋਸ਼ ਵੀ ਲਗਾਏ।

AAP-BJP ਨਾਲ ਗਠਜੋੜ ਤੋਂ ਇਨਕਾਰ
ਤਰਸੇਮ ਸਿੰਘ ਨੇ ਆਮ ਆਦਮੀ ਪਾਰਟੀ, ਭਾਜਪਾ ਅਤੇ ਹੋਰ ਪਾਰਟੀਆਂ ਨਾਲ ਗਠਜੋੜ ਦੀ ਸੰਭਾਵਨਾ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨਾਲ ਉਨ੍ਹਾਂ ਦੀ ਵਿਚਾਰਧਾਰਾ ਮੇਲ ਨਹੀਂ ਖਾਂਦੀ। ਉਨ੍ਹਾਂ ਮੁਤਾਬਕ ਪਾਰਟੀ ਵੱਲੋਂ ਪੰਥਕ ਜਥੇਬੰਦੀਆਂ ਨਾਲ ਮਿਲ ਕੇ ਚੋਣ ਲੜਨ ਬਾਰੇ ਗੱਲਬਾਤ ਕੀਤੀ ਜਾ ਰਹੀ ਹੈ।

ਚੋਣ ਨਿਸ਼ਾਨ ਨੂੰ ਲੈ ਕੇ ਚੋਣ ਕਮਿਸ਼ਨ ’ਤੇ ਦੋਸ਼
ਤਰਸੇਮ ਸਿੰਘ ਨੇ ਚੋਣ ਕਮਿਸ਼ਨ ’ਤੇ ਵੀ ਦੋਸ਼ ਲਗਾਉਂਦਿਆਂ ਕਿਹਾ ਕਿ ਪਾਰਟੀ ਵੱਲੋਂ ਲੋੜੀਂਦੀਆਂ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਕਰਨ ਦੇ ਬਾਵਜੂਦ ਚੋਣ ਨਿਸ਼ਾਨ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਨੂੰ ਪਾਰਟੀ ਨਾਲ ਧੱਕੇਸ਼ਾਹੀ ਕਰਾਰ ਦਿੱਤਾ।

ਉਨ੍ਹਾਂ VIP ਸਹੂਲਤਾਂ ਦੇ ਮਾਮਲੇ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਚਾਵਲਾ ਵਰਗੇ ਲੋਕਾਂ ਨੂੰ ਦਿੱਤੀਆਂ VIP ਸਹੂਲਤਾਂ ਲਈ ਜ਼ਿੰਮੇਵਾਰ ਵਿਅਕਤੀ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਾ ਹੋਣ ’ਤੇ ਪਾਰਟੀ ਵੱਲੋਂ ਸੰਘਰਸ਼ ਕੀਤਾ ਜਾਵੇਗਾ।