Chandigarh News: ਪੰਚਾਇਤ ਮੈਂਬਰ ਦੀ ਗੋਲੀ ਲੱਗਣ ਕਾਰਨ ਮੌਤ
ਮੁੱਲਾਂਪੁਰ 27 ਸਤੰਬਰ 2026
ਪਿੰਡ ਪੜੌਲ ਦੇ ਵਸਨੀਕ ਅਤੇ ਮੌਜੂਦਾ ਪੰਚਾਇਤ ਮੈਂਬਰ ਸੁਖਵੰਤ ਸਿੰਘ (38) ਉਰਫ਼ ਸੱਤੀ ਦੀ ਗੋਲੀ ਲੱਗਣ ਕਾਰਨ ਇਲਾਜ ਦੌਰਾਨ ਮੌਤ ਹੋ ਗਈ। ਸੁਖਵੰਤ ਸਿੰਘ ਨੂੰ ਸਰੀਰ ’ਤੇ ਕਰੀਬ ਛੇ ਗੋਲੀਆਂ ਲੱਗਣ ਮਗਰੋਂ ਗੰਭੀਰ ਹਾਲਤ ਵਿੱਚ ਚੰਡੀਗੜ੍ਹ ਸਥਿਤ ਪੀ.ਜੀ.ਆਈ. ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਬੀਤੀ ਦੇਰ ਰਾਤ ਤੋਂ ਉਸ ਦਾ ਇਲਾਜ ਚੱਲ ਰਿਹਾ ਸੀ, ਪਰ ਅੱਜ ਉਸ ਨੇ ਦਮ ਤੋੜ ਦਿੱਤਾ।
ਪੁਲੀਸ ਥਾਣਾ ਮੁੱਲਾਂਪੁਰ ਜ਼ੋਨ-2 ਦੇ ਉਪ ਪੁਲੀਸ ਕਪਤਾਨ ਹਰਕੀਰਤ ਸਿੰਘ ਨੇ ਦੱਸਿਆ ਕਿ ਇਸ ਘਟਨਾ ਵਿੱਚ ਪਿੰਡ ਪੜੌਲ ਦੇ ਹੀ ਦੋ ਨੌਜਵਾਨ ਜਸਪ੍ਰੀਤ ਸਿੰਘ ਉਰਫ਼ ਜੱਸੂ ਅਤੇ ਦਵਿੰਦਰ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਹੈ। ਦੋਵੇਂ ਘਟਨਾ ਤੋਂ ਬਾਅਦ ਘਰੋਂ ਫ਼ਰਾਰ ਹੋ ਗਏ ਸਨ, ਜਿਨ੍ਹਾਂ ਨੂੰ ਪੁਲੀਸ ਨੇ ਕਾਬੂ ਕਰ ਲਿਆ।
ਪੁਲੀਸ ਅਨੁਸਾਰ ਮੁਲਜ਼ਮਾਂ ਨੂੰ ਇਲਾਕਾ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਜਾ ਰਿਹਾ ਹੈ। ਸੁਖਵੰਤ ਸਿੰਘ ਦੇ ਭਰਾ ਮੇਜਰ ਸਿੰਘ ਸਮੇਤ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਅੱਗੇ ਵਧਾਈ ਜਾ ਰਹੀ ਹੈ। ਪੁਲੀਸ ਵੱਲੋਂ ਘਟਨਾ ਦੇ ਕਾਰਨਾਂ ਅਤੇ ਹੋਰ ਤੱਥਾਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।







