LPU ਵਿੱਚ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ, ਲਾਠੀਚਾਰਜ ਤੋਂ ਬਾਅਦ 2 ਪੁਲਿਸ ਗੱਡੀਆਂ ਨੂੰ ਲਾਈ ਅੱਗ

Top Trending News ਪੰਜਾਬ
  • LPU ਵਿੱਚ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ, ਲਾਠੀਚਾਰਜ ਤੋਂ ਬਾਅਦ 2 ਪੁਲਿਸ ਗੱਡੀਆਂ ਨੂੰ ਲਾਈ ਅੱਗ

ਫਗਵਾੜਾ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਐਤਵਾਰ ਸ਼ਾਮ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਟਕਰਾਅ ਹੋ ਗਿਆ। ਪੁਲਿਸ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਸੀ, ਇਸ ਦੌਰਾਨ ਪੁਲਿਸ ’ਤੇ ਬੋਤਲਾਂ ਸੁੱਟੇ ਜਾਣ ਤੋਂ ਬਾਅਦ ਲਾਠੀਚਾਰਜ ਕੀਤਾ ਗਿਆ। ਇਸ ਦੇ ਜਵਾਬ ਵਿੱਚ ਵਿਦਿਆਰਥੀਆਂ ਨੇ ਪੁਲਿਸ ’ਤੇ ਪਥਰਾਅ ਕਰ ਦਿੱਤਾ। ਇਸ ਦੌਰਾਨ ਪੁਲਿਸ ਦੀਆਂ 2 ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ।

ਹੰਗਾਮਾ ਸ਼ਨੀਵਾਰ ਰਾਤ ਉਸ ਸਮੇਂ ਸ਼ੁਰੂ ਹੋਇਆ, ਜਦੋਂ ਸੋਸ਼ਲ ਮੀਡੀਆ ’ਤੇ ਇੱਕ ਵਿਦਿਆਰਥਣ ਨਾਲ ਕਥਿਤ ਬਲਾਤਕਾਰ ਅਤੇ ਉਸ ਤੋਂ ਬਾਅਦ ਉਸ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਸੁਨੇਹਾ ਵਾਇਰਲ ਹੋਇਆ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀ ਸੜਕਾਂ ’ਤੇ ਆ ਗਏ। ਵਿਦਿਆਰਥੀਆਂ ਨੇ ਕੈਂਪਸ ਵਿੱਚ ਭੰਨਤੋੜ ਕੀਤੀ ਅਤੇ ਇੱਕ ਹਿੱਸੇ ਵਿੱਚ ਅੱਗ ਲਗਾ ਦਿੱਤੀ।

ਇਸ ਤੋਂ ਬਾਅਦ ਐਤਵਾਰ ਸਵੇਰੇ ਕਰੀਬ 7 ਵਜੇ ਵਿਦਿਆਰਥੀਆਂ ਨੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਧਰਨਾ ਦੇ ਕੇ ਆਵਾਜਾਈ ਰੋਕ ਦਿੱਤੀ। ਪੁਲਿਸ ਨੇ ਪਹਿਲਾਂ ਕਿਹਾ ਸੀ ਕਿ ਜਾਂਚ ਦੌਰਾਨ ਬਲਾਤਕਾਰ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਮਾਮਲਾ ਵਧਣ ਤੋਂ ਬਾਅਦ FIR ਦਰਜ ਕੀਤੀ ਗਈ।

ਜਾਂਚ ਲਈ SIT ਗਠਿਤ, 5 ਵਿਦਿਆਰਥੀ ਵੀ ਮੈਂਬਰ
DIG ਨਵੀਨ ਸਿੰਗਲਾ ਨੇ ਦੱਸਿਆ ਕਿ FIR ਦਰਜ ਕਰਨ ਦੇ ਨਾਲ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ। ਇਸ ਵਿੱਚ 5 ਵਿਦਿਆਰਥੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਦੇ ਬਾਵਜੂਦ ਵਿਦਿਆਰਥੀਆਂ ਵੱਲੋਂ ਧਰਨਾ ਜਾਰੀ ਰੱਖਿਆ ਗਿਆ।

ਇਸ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਨੇ ਸਾਰੇ ਐਂਟਰੀ ਗੇਟ ਬੰਦ ਕਰ ਦਿੱਤੇ, ਜਿਸ ਤੋਂ ਬਾਅਦ ਵਿਦਿਆਰਥੀ ਹੋਰ ਭੜਕ ਗਏ ਅਤੇ ਉਨ੍ਹਾਂ ਨੇ ਇੱਕ ਐਂਟਰੀ ਗੇਟ ਤੋੜ ਦਿੱਤਾ। ਵਿਦਿਆਰਥੀ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਨੂੰ ਮੌਕੇ ’ਤੇ ਬੁਲਾਉਣ ਦੀ ਮੰਗ ਕਰ ਰਹੇ ਹਨ। ਵਿਦਿਆਰਥੀਆਂ ਵੱਲੋਂ ਆਪਣੀਆਂ 5 ਮੰਗਾਂ ਵੀ ਰੱਖੀਆਂ ਗਈਆਂ ਹਨ।

ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥਣ ਨਾਲ ਬਲਾਤਕਾਰ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਵਿਦਿਆਰਥੀਆਂ ਨੂੰ ਅਫਵਾਹਾਂ ’ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। LPU ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੀ ਮਲਕੀਅਤ ਵਾਲੀ ਯੂਨੀਵਰਸਿਟੀ ਹੈ।