ਸੁਖਬੀਰ ਬਾਦਲ ਦਾ ਮਨਪ੍ਰੀਤ ਇਆਲੀ ’ਤੇ ਤਿੱਖਾ ਹਮਲਾ, ਕਿਹਾ- ‘ਸਬੂਤ ਸਾਡੇ ਕੋਲ, ਜਾਂਚ ਕਰਵਾ ਕੇ ਜੇਲ੍ਹ ਭੇਜਾਂਗੇ’
ਚੰਡੀਗੜ੍ਹ, 27 ਸਤੰਬਰ 2026- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ’ਤੇ ਤਿੱਖਾ ਹਮਲਾ ਬੋਲਦਿਆਂ ਗੰਭੀਰ ਦੋਸ਼ ਲਗਾਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਮਨਪ੍ਰੀਤ ਇਆਲੀ ਵੱਲੋਂ ਕਥਿਤ ਤੌਰ ’ਤੇ ਬਣਾਈ ਗਈ ਜਾਇਦਾਦ ਅਤੇ ਉਨ੍ਹਾਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰਵਾਈ ਜਾਵੇਗੀ।
ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਇਆਲੀ ਖ਼ਿਲਾਫ਼ ਕਥਿਤ ਬੇਨਿਯਮੀਆਂ ਅਤੇ ‘ਠੱਗੀਆਂ’ ਨਾਲ ਸਬੰਧਤ ਸਬੂਤ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸਮਾਂ ਆਉਣ ’ਤੇ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਜੇ ਦੋਸ਼ ਸਾਬਤ ਹੁੰਦੇ ਹਨ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਅਕਾਲੀ ਦਲ ਦੇ ਪ੍ਰਧਾਨ ਨੇ ਇਆਲੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਵੱਡਾ ਆਗੂ ਸਮਝਦੇ ਹਨ, ਪਰ ਉਨ੍ਹਾਂ ਅਨੁਸਾਰ ਉਨ੍ਹਾਂ ਵੱਲੋਂ ਬਣਾਇਆ ਗਿਆ ਸਾਰਾ ਕੁਝ ਜਾਂਚ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਨਾਲ ਧੋਖਾ ਕਰਨ ਵਾਲੇ ਲੋਕਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।







