Amit Shah’s Punjab rally: ਨਸ਼ਾ ਤਸਕਰੀ ਰੋਕਣ ਲਈ ਕੇਂਦਰ ਆਪਣਾ ਰੋਡਮੈਪ ਦੱਸੇ: AAP ਨੇ ਅਮਿਤ ਸ਼ਾਹ ਦੀ ਪੰਜਾਬ ਰੈਲੀ ‘ਤੇ ਚੁੱਕੇ ਸਵਾਲ

Top Trending News ਪੰਜਾਬ ਰਾਸ਼ਟਰੀ

 

Amit Shah’s Punjab rally: ਨਸ਼ਾ ਤਸਕਰੀ ਰੋਕਣ ਲਈ ਕੇਂਦਰ ਆਪਣਾ ਰੋਡਮੈਪ ਦੱਸੇ: AAP ਨੇ ਅਮਿਤ ਸ਼ਾਹ ਦੀ ਪੰਜਾਬ ਰੈਲੀ ‘ਤੇ ਚੁੱਕੇ ਸਵਾਲ

Amit Shah’s Punjab rally:  ਚੰਡੀਗੜ੍ਹ, 30 ਸਤੰਬਰ 2026- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਲੜਾਈ ਲੜ ਰਹੀ ਹੈ, ਪਰ ਨਸ਼ਿਆਂ ਦੀ ਰੋਕਥਾਮ ਸਿਰਫ਼ ਕਿਸੇ ਇੱਕ ਸੂਬੇ ਦੀ ਜ਼ਿੰਮੇਵਾਰੀ ਨਹੀਂ, ਸਗੋਂ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ।

ਨੀਲ ਗਰਗ ਨੇ ਜਲੰਧਰ ਵਿੱਚ ਹੋਣ ਵਾਲੀ ਰੈਲੀ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੇ ਸਵਾਲ ਕਰਦਿਆਂ ਪੁੱਛਿਆ ਕਿ ਬੀ.ਐੱਸ.ਐੱਫ. (BSF) ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਵਰਗੀਆਂ ਕੇਂਦਰੀ ਏਜੰਸੀਆਂ ਕਿਸ ਦੇ ਅਧੀਨ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ, ਪਰ ਅੰਤਰਰਾਜੀ ਅਤੇ ਸਰਹੱਦ ਪਾਰੋਂ ਚੱਲ ਰਹੀ ਨਸ਼ਾ-ਤਸਕਰੀ ਨੂੰ ਰੋਕਣ ਲਈ ਕੇਂਦਰੀ ਏਜੰਸੀਆਂ ਦੀ ਭੂਮਿਕਾ ਵੀ ਅਹਿਮ ਹੈ।

‘ਆਪ’ ਆਗੂ ਨੇ ਸਵਾਲ ਕੀਤਾ ਕਿ ਅੰਤਰਰਾਜੀ ਨਸ਼ਾ-ਸਪਲਾਈ ਚੇਨ ਨੂੰ ਤੋੜਨ ਲਈ ਕੇਂਦਰੀ ਏਜੰਸੀਆਂ ਵੱਲੋਂ ਹੁਣ ਤੱਕ ਕੀ ਕਦਮ ਚੁੱਕੇ ਗਏ ਹਨ ਅਤੇ ਸਰਹੱਦਾਂ ਰਾਹੀਂ ਹੋ ਰਹੀ ਤਸਕਰੀ ਨੂੰ ਰੋਕਣ ਵਿੱਚ ਕੇਂਦਰ ਸਰਕਾਰ ਦੇ ਕੀ ਨਤੀਜੇ ਰਹੇ ਹਨ। ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ਼ ਭਾਸ਼ਣਾਂ ਦੀ ਬਜਾਏ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਠੋਸ ਕਾਰਵਾਈ ਅਤੇ ਸਪੱਸ਼ਟ ਜਵਾਬ ਚਾਹੀਦੇ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਆਪਣੀ ਰਣਨੀਤੀ ਅਤੇ ਰੋਡਮੈਪ ਸਪੱਸ਼ਟ ਕਰਨ ਦੀ ਮੰਗ ਕੀਤੀ।