ਯੂਥ ਆਗੂ ਸਰਬਜੀਤ ਸਿੰਘ ਦੀ ਅਗਵਾਈ ਵਿੱਚ ਸੈਂਕੜੇ ਨੌਜਵਾਨ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ

Top Trending News ਪੰਜਾਬ

ਮੋਹਾਲੀ, 30 ਸਤੰਬਰ (ਦੇਸ਼ ਕਲਿੱਕ ਬਿਊਰੋ): ਯੂਥ ਆਗੂ ਸਰਬਜੀਤ ਸਿੰਘ ਦੀ ਅਗਵਾਈ ਵਿੱਚ ਮੋਹਾਲੀ ਦੇ ਸੈਂਕੜੇ ਨੌਜਵਾਨ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਮੋਹਾਲੀ ਜ਼ਿਲ੍ਹੇ ਦੇ ਅਕਾਲੀ ਦਲ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਸਵਾਗਤ ਕੀਤਾ। ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਨੌਜਵਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਪਾਰਟੀ ਦੀਆਂ ਨੀਤੀਆਂ ਪ੍ਰਤੀ ਉਨ੍ਹਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਮੋਹਾਲੀ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਨਵੇਂ ਸ਼ਾਮਲ ਹੋਏ ਨੌਜਵਾਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਸੋਹਾਣਾ ਨੇ ਕਿਹਾ ਕਿ ਨੌਜਵਾਨਾਂ ਨੂੰ ਇਹ ਵਿਸ਼ਵਾਸ ਹੋ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਨੌਜਵਾਨਾਂ ਲਈ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਨੌਜਵਾਨ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਦੀ ਸਹਾਇਤਾ ਦੇਣ ਦੀ ਤਜਵੀਜ਼ ਨੌਜਵਾਨ ਮੁੰਡੇ-ਕੁੜੀਆਂ ਵਿੱਚ ਖਾਸ ਚਰਚਾ ਦਾ ਵਿਸ਼ਾ ਬਣ ਰਹੀ ਹੈ।