ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 5 ਮੁਲਜ਼ਮ ਕਾਬੂ; 13 ਪਿਸਤੌਲ ਤੇ 3.267 ਕਿਲੋ ਹੈਰੋਇਨ ਬਰਾਮਦ
ਅੰਮ੍ਰਿਤਸਰ, 30 ਸਤੰਬਰ 2026- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 13 ਪਿਸਤੌਲ, 3.267 ਕਿਲੋ ਹੈਰੋਇਨ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਮੁਤਾਬਕ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨਾਲ ਜੁੜੇ ਹੋਏ ਸਨ। ਇਸ ਸਬੰਧੀ ਥਾਣਾ ਡੀ-ਡਿਵੀਜ਼ਨ ਅਤੇ ਥਾਣਾ ਛੇਹਰਟਾ ਵਿਖੇ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ।
ਪੁਲਿਸ ਵੱਲੋਂ ਹੁਣ ਇਸ ਨੈੱਟਵਰਕ ਦੇ ਪਿਛਲੇ ਅਤੇ ਅੱਗੇ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਵਿਦੇਸ਼ਾਂ ਵਿੱਚ ਬੈਠੇ ਸੰਭਾਵਿਤ ਹੈਂਡਲਰਾਂ ਦੀ ਭੂਮਿਕਾ ਬਾਰੇ ਵੀ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ। ਪੰਜਾਬ ਪੁਲਿਸ ਨੇ ਕਿਹਾ ਕਿ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।







