ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਧਮਕੀ ਭਰੀ ਈ-ਮੇਲ; ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਲੰਧਰ, 30 ਸਤੰਬਰ 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਸ਼ਹਿਰ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਜਾਣਕਾਰੀ ਮੁਤਾਬਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਦੇ ਨਾਂ ’ਤੇ ਸ਼ਹਿਰ ਦੇ ਦੋ ਸਕੂਲਾਂ ਨੂੰ ਈ-ਮੇਲ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਧਮਕੀ ਭਰੀ ਈ-ਮੇਲ ਵਿੱਚ ਅਮਿਤ ਸ਼ਾਹ ਦੇ ਦੌਰੇ ਦੌਰਾਨ ਲੱਭੂ ਰਾਮ ਦੋਆਬਾ ਸਕੂਲ ਵਿੱਚ ਬਣਾਏ ਗਏ ਹੈਲੀਪੈਡ ਅਤੇ ਦੇਵੀ ਤਲਾਬ ਮੰਦਰ ਵਿੱਚ ਵੀ ਬੰਬ ਜਾਂ ਆਈ.ਈ.ਡੀ. ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਈ-ਮੇਲ ਪਾਕਿਸਤਾਨ ਵਿੱਚ ਰਹਿ ਰਹੇ ਕੁਝ ਅੱਤਵਾਦੀਆਂ ਦੇ ਨਾਂ ਨਾਲ ਭੇਜੀ ਗਈ ਹੈ।
ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਸਬੰਧਤ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਧਮਕੀ ਭਰੀ ਈ-ਮੇਲ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਸਕੂਲਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਸੁਰੱਖਿਆ ਨੂੰ ਲੈ ਕੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।







