ਪੰਜਾਬ ‘ਚ ਝੋਨੇ ਦੀ ਸਰਕਾਰੀ ਖ਼ਰੀਦ ਅੱਜ ਤੋਂ, 1886 ਖ਼ਰੀਦ ਕੇਂਦਰ ਸਥਾਪਤ
ਚੰਡੀਗੜ੍ਹ 1 ਅਕਤੂਬਰ 2026
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਝੋਨੇ ਦੇ ਖ਼ਰੀਦ ਮੌਸਮ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਜਿਣਸ ਦਾ ਦਾਣਾ-ਦਾਣਾ ਸਰਕਾਰੀ ਨਿਯਮਾਂ ਅਨੁਸਾਰ ਖ਼ਰੀਦਿਆ ਜਾਵੇਗਾ।
ਖੁੱਡੀਆਂ ਨੇ ਦੱਸਿਆ ਕਿ ਸੂਬੇ ਭਰ ਵਿੱਚ 1886 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ। ਫ਼ਸਲ ਦੀ ਆਮਦ ਵਧਣ ਦੀ ਸੂਰਤ ਵਿੱਚ ਲੋੜ ਅਨੁਸਾਰ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ ਜਾਣਗੇ। ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ ਹੈ।
ਕਿਸਾਨਾਂ ਨੂੰ ਖ਼ਰੀਦ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਦੇ ਤੁਰੰਤ ਨਿਬੇੜੇ ਲਈ ਵਿਸ਼ੇਸ਼ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਕਿਸਾਨ ਆਪਣੀਆਂ ਸ਼ਿਕਾਇਤਾਂ ਜਾਂ ਮੁਸ਼ਕਲਾਂ ਲਈ 0172-5101649 ਤੇ ਸੰਪਰਕ ਕਰ ਸਕਦੇ ਹਨ।







