ਬੇਅਦਬੀ ਵਿਰੋਧੀ ਐਕਟ ਬਾਰੇ ਪੰਜਾਬ ਸਰਕਾਰ ਵੱਲੋਂ ਜਥੇਦਾਰ ਨੂੰ ਪੱਤਰ, ਗਠਿਤ ਕਮੇਟੀ ਬਾਰੇ ਦਿੱਤੀ ਜਾਣਕਾਰੀ
ਚੰਡੀਗੜ੍ਹ 1 ਅਕਤੂਬਰ 2026
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲੈ ਕੇ ਪੰਜਾਬ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਸੱਤ ਮੈਂਬਰੀ ਕਮੇਟੀ ਦੇ ਗਠਨ ਬਾਰੇ ਜਾਣਕਾਰੀ ਦਿੱਤੀ ਹੈ। ਸਰਕਾਰ ਵੱਲੋਂ ਬਣਾਈ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਿਨਾਮ ਸਿੰਘ ਖ਼ਾਲਸਾ ਅਤੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾਮੁਕਤ ਆਈਪੀਐੱਸ ਅਧਿਕਾਰੀ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਕਾਨੂੰਨੀ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਵੀ ਕਮੇਟੀ ਦੇ ਮੈਂਬਰ ਹੋਣਗੇ।
ਪੰਜਾਬ ਸਰਕਾਰ ਨੇ ਪੀਸੀਐੱਸ ਅਧਿਕਾਰੀ ਹਰਜੀਤ ਸਿੰਘ ਸੰਧੂ ਨੂੰ ਦੋਵੇਂ ਕਮੇਟੀਆਂ ਵਿਚਕਾਰ ਤਾਲਮੇਲ ਲਈ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ। ਸੱਤ ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਨਾਲ ਬੈਠਕਾਂ ਕਰੇਗੀ ਅਤੇ ਪ੍ਰਸਤਾਵਿਤ ਸੋਧਾਂ ਸਬੰਧੀ ਸਹਿਮਤੀ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।







