ਵੱਡੀ ਖ਼ਬਰ: ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

Top Trending News ਪੰਜਾਬ
  • ਵੱਡੀ ਖ਼ਬਰ: ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ, 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਸ਼ਨੀਵਾਰ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲੀ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਲਿਜਾਇਆ ਗਿਆ। ਘਟਨਾ ਨਾਲ ਸਬੰਧਤ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਹ ਸੜਕ ’ਤੇ ਖੂਨ ਨਾਲ ਲੱਥਪੱਥ ਪਏ ਦਿਖਾਈ ਦੇ ਰਹੇ ਹਨ।

ਵੀਡੀਓ ਵਿੱਚ ਉਨ੍ਹਾਂ ਦੇ ਸਾਥੀ ਮੈਡ ਸੰਧੂ ਨੂੰ ਸੜਕ ਤੋਂ ਚੁੱਕਦੇ ਨਜ਼ਰ ਆ ਰਹੇ ਹਨ। ਘਟਨਾ ਵਾਲੀ ਥਾਂ ’ਤੇ ਗੋਲੀਆਂ ਦੇ ਖੋਲ ਵੀ ਪਏ ਦਿਖਾਈ ਦੇ ਰਹੇ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ। ਡੀਸੀਪੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ਤੋਂ ਦੋ ਖੋਲ੍ਹ ਬਰਾਮਦ ਕੀਤੇ ਹਨ ਅਤੇ ਮਾਮਲੇ ਦੀ ਜਾਂਚ ਲਈ ਟੀਮ ਬਣਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੈਡ ਸੰਧੂ ਨੇ ਸ਼ਨੀਵਾਰ ਸ਼ਾਮ ਕਰੀਬ 5 ਵਜੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਆਖਰੀ ਰੀਲ ਪੋਸਟ ਕੀਤੀ ਸੀ।

ਤਿੰਨ ਮਹੀਨੇ ਪਹਿਲਾਂ ਨਿਹੰਗ ਸਿੰਘ ਨਾਲ ਹੋਇਆ ਸੀ ਵਿਵਾਦ
ਮੈਡ ਸੰਧੂ ਦਾ ਕਰੀਬ ਤਿੰਨ ਮਹੀਨੇ ਪਹਿਲਾਂ ਨਿਹੰਗ ਜਥੇਦਾਰ ਮਨਪ੍ਰੀਤ ਸਿੰਘ ਖ਼ਾਲਸਾ ਨਾਲ ਵਿਵਾਦ ਹੋਇਆ ਸੀ। ਉਸ ਸਮੇਂ ਨਿਹੰਗ ਧਿਰ ਵੱਲੋਂ ਮੈਡ ਸੰਧੂ ਦੀਆਂ ਸੋਸ਼ਲ ਮੀਡੀਆ ਸਰਗਰਮੀਆਂ, ਪਹਿਰਾਵੇ ਅਤੇ ਪੁਰਾਣੀਆਂ ਵੀਡੀਓਜ਼ ’ਤੇ ਇਤਰਾਜ਼ ਜਤਾਇਆ ਗਿਆ ਸੀ। ਉਨ੍ਹਾਂ ਨੂੰ ਅਜਿਹੀ ਸਮੱਗਰੀ ਤੋਂ ਦੂਰ ਰਹਿਣ ਦੀ ਚੇਤਾਵਨੀ ਵੀ ਦਿੱਤੀ ਗਈ ਸੀ, ਜਿਸ ਬਾਰੇ ਨਿਹੰਗ ਧਿਰ ਦਾ ਕਹਿਣਾ ਸੀ ਕਿ ਇਸ ਦਾ ਪੰਜਾਬੀ ਸੱਭਿਆਚਾਰ ਅਤੇ ਨੌਜਵਾਨਾਂ ’ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।

ਵਿਵਾਦ ਦੌਰਾਨ ਮੈਡ ਸੰਧੂ ਨੇ ਸਫ਼ਾਈ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਆਪਣੇ ਅੰਦਰ ਬਦਲਾਅ ਕੀਤਾ ਹੈ ਅਤੇ ਪੁਰਾਣੀਆਂ ਗ਼ਲਤੀਆਂ ਦੁਹਰਾਉਣੀਆਂ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਸੀ ਕਿ ਪੁਰਾਣੀਆਂ ਵੀਡੀਓਜ਼ ਮੁੜ ਸਾਂਝੀਆਂ ਕਰਕੇ ਬੇਵਜ੍ਹਾ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਕਤਲ ਦੇ ਕਾਰਨਾਂ ਅਤੇ ਮੁਲਜ਼ਮਾਂ ਦੀ ਪਛਾਣ ਬਾਰੇ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।