- CEC ਗਿਆਨੇਸ਼ ਕੁਮਾਰ ਖ਼ਿਲਾਫ਼ ਪਟੀਸ਼ਨਾਂ ’ਤੇ ਸੁਪਰੀਮ ਕੋਰਟ ’ਚ ਕੱਲ੍ਹ ਸੁਣਵਾਈ
- SIR ਨਾਲ ਜੁੜੇ 14 ਫੈਸਲਿਆਂ ਨੂੰ ਚੁਣੌਤੀ
- ਪਟੀਸ਼ਨਰਾਂ ਦਾ ਦਾਅਵਾ—ਚੋਣ ਕਮਿਸ਼ਨ ’ਚ ਨਿਯਮਾਂ ਦੀ ਅਣਦੇਖੀ ਕਰਕੇ ਲਏ ਗਏ ਫੈਸਲੇ
ਨਵੀਂ ਦਿੱਲੀ; 4 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਨਾਲ ਜੁੜੇ ਵਿਵਾਦ ’ਤੇ ਹੁਣ ਸੁਪਰੀਮ ਕੋਰਟ ਦਾ ਰੁਖ ਸਾਹਮਣੇ ਆਵੇਗਾ। ਗਿਆਨੇਸ਼ ਕੁਮਾਰ ਖ਼ਿਲਾਫ਼ ਦਾਇਰ ਦੋ ਅਹਿਮ ਰਿਟ ਪਟੀਸ਼ਨਾਂ ’ਤੇ ਕੱਲ੍ਹ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਭਾਰਤ ਦੇ ਮੁੱਖ ਜੱਜ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੀ ਵਿਸ਼ੇਸ਼ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ।
ਇਹ ਦੋਵੇਂ ਪਟੀਸ਼ਨਾਂ ਇੱਕ ਜਾਂਚ ਰਿਪੋਰਟ ਵਿੱਚ ਕੀਤੇ ਗਏ ਖੁਲਾਸਿਆਂ ਤੋਂ ਬਾਅਦ ਦਾਇਰ ਕੀਤੀਆਂ ਗਈਆਂ ਹਨ। ਪਟੀਸ਼ਨਾਂ ਵਿੱਚ ਦੋਸ਼ ਲਾਇਆ ਗਿਆ ਹੈ ਕਿ ਚੋਣ ਕਮਿਸ਼ਨ ਅੰਦਰ ਨਿਯਮਾਂ ਦੀ ਕਥਿਤ ਅਣਦੇਖੀ ਕਰਦਿਆਂ ਫੈਸਲੇ ਲਏ ਗਏ। ਮਾਮਲਾ ਮੁੱਖ ਤੌਰ ’ਤੇ ‘ਸਪੈਸ਼ਲ ਇੰਟੈਂਸਿਵ ਰਿਵਿਜ਼ਨ’ (SIR) ਦੀ ਪ੍ਰਕਿਰਿਆ ਨਾਲ ਸਬੰਧਤ ਹੈ। ਪਟੀਸ਼ਨਰਾਂ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਹੈ ਕਿ SIR ਨਾਲ ਸਬੰਧਤ 14 ਵੱਡੇ ਫੈਸਲਿਆਂ ਨੂੰ ਰੱਦ ਕੀਤਾ ਜਾਵੇ। ਪਟੀਸ਼ਨਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਨ੍ਹਾਂ ਫੈਸਲਿਆਂ ਨੂੰ ਲੈਂਦੇ ਸਮੇਂ ਚੋਣ ਕਮਿਸ਼ਨ ਦੇ ਬਾਕੀ ਦੋ ਚੋਣ ਕਮਿਸ਼ਨਰਾਂ ਦੀ ਕਾਨੂੰਨੀ ਸਹਿਮਤੀ ਜਾਂ ਮਨਜ਼ੂਰੀ ਨਹੀਂ ਲਈ ਗਈ।
ਪਟੀਸ਼ਨਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਇੱਕ ਬਹੁ-ਮੈਂਬਰੀ ਸੰਵਿਧਾਨਕ ਸੰਸਥਾ ਹੈ ਅਤੇ ਇਸ ਦੇ ਨੀਤੀਗਤ ਫੈਸਲੇ ਸਰਵਸੰਮਤੀ ਜਾਂ ਬਹੁਮਤ ਦੇ ਆਧਾਰ ’ਤੇ ਲਏ ਜਾਣੇ ਚਾਹੀਦੇ ਹਨ। ਇਸ ਲਈ ਬਾਕੀ ਮੈਂਬਰਾਂ ਦੀ ਸਹਿਮਤੀ ਤੋਂ ਬਿਨਾਂ ਲਏ ਗਏ ਫੈਸਲਿਆਂ ਦੀ ਕਾਨੂੰਨੀ ਵੈਧਤਾ ’ਤੇ ਸਵਾਲ ਖੜ੍ਹੇ ਹੁੰਦੇ ਹਨ। ਸੋਮਵਾਰ ਦੀ ਸੁਣਵਾਈ ਤੋਂ ਬਾਅਦ ਇਹ ਸਪੱਸ਼ਟ ਹੋਵੇਗਾ ਕਿ ਸੁਪਰੀਮ ਕੋਰਟ SIR ਨਾਲ ਜੁੜੇ ਇਨ੍ਹਾਂ 14 ਫੈਸਲਿਆਂ ਅਤੇ ਪੂਰੇ ਮਾਮਲੇ ’ਤੇ ਕੀ ਰੁਖ ਅਪਣਾਉਂਦੀ ਹੈ ਅਤੇ ਪਟੀਸ਼ਨਾਂ ’ਤੇ ਕੀ ਨਿਰਦੇਸ਼ ਜਾਰੀ ਕਰਦੀ ਹੈ।







