BREAKING- ਪੰਜਾਬ ਦੇ ਸਰਕਾਰੀ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ‘ਚ ਕਰਨਗੇ ਮਹਾਂ-ਰੈਲੀ!

Top Trending News ਚੰਡੀਗੜ੍ਹ ਪੰਜਾਬ

 

ਪੰਜਾਬ ਸਿਵਲ ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਦੀ ਮੀਟਿੰਗ ਦੌਰਾਨ ਅਹਿਮ ਫੈਸਲੇ; 10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਮੁਹਿੰਮ

ਚੰਡੀਗੜ੍ਹ  5 ਅਕਤੂਬਰ 2026 : ਪੰਜਾਬ ਸਿਵਲ ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂ ਰੈਲੀ ਦੀਆਂ ਤਿਆਰੀਆਂ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੇ ਹੱਕਾਂ ਨਾਲ ਸਬੰਧਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਤੈਅ ਕੀਤੀ ਗਈ।

ਮੀਟਿੰਗ ਵਿੱਚ ਮੁੱਖ ਤੌਰ ’ਤੇ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂ ਰੈਲੀ ਵਿੱਚ ਪੰਜਾਬ ਸਿਵਲ ਸਕੱਤਰੇਤ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਚਾਰ ਕੀਤਾ ਗਿਆ। ਇਸ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ, ਜਿਸ ਤਹਿਤ ਮੁਲਾਜ਼ਮਾਂ ਨੂੰ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾਵੇਗਾ।

ਇਸੇ ਮੁਹਿੰਮ ਤਹਿਤ 7 ਅਕਤੂਬਰ ਨੂੰ ਮਿੰਨੀ ਸਕੱਤਰੇਤ ਵਿਖੇ ਸਵੇਰੇ ਰੈਲੀ ਕੀਤੀ ਜਾਵੇਗੇ। ਇਸ ਦੌਰਾਨ ਮੁਲਾਜ਼ਮਾਂ ਨੂੰ ਸੰਗਰੂਰ ਮਹਾਂ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਮੀਟਿੰਗ ਦੌਰਾਨ DA (ਮਹਿੰਗਾਈ ਭੱਤੇ) ਨਾਲ ਸਬੰਧਤ ਅੱਜ ਮਿਤੀ 05-10-2026 ਨੂੰ ਹੋਏ ਅਦਾਲਤੀ ਕੇਸ ਬਾਰੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੁਖਚੈਨ ਸਿੰਘ ਖਹਿਰਾ ਵੱਲੋਂ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ 10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਏਕਤਾ ਅਤੇ ਵੱਡੀ ਸ਼ਮੂਲੀਅਤ ਹੀ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦੇਣ ਲਈ ਮਜਬੂਰ ਕਰਦੀ ਹੈ।

ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਸੰਘਰਸ਼ ਦਾ ਮੁੱਖ ਮਕਸਦ 17-07-2020 ਦਾ ਪੱਤਰ ਰੱਦ ਕਰਵਾਉਣਾ, 15-01-2015 ਨਾਲ ਸਬੰਧਤ ਪੱਤਰ ਰੱਦ ਕਰਵਾਉਣਾ, ਆਊਟਸੋਰਸ ਮੁਲਾਜ਼ਮਾਂ ਦੇ ਮਸਲਿਆਂ ਦਾ ਹੱਲ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ ਅਤੇ 4-9-14 ਏ.ਸੀ.ਪੀ. ਨਾਲ ਸਬੰਧਤ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਅੰਜਾਮ ਤੱਕ ਪਹੁੰਚਾਉਣਾ ਹੈ।

ਇਸ ਲਈ ਸਾਰੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਕਿ 10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਆਪਣੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕਰਨ। ਅੱਜ ਦੀ ਇਸ ਮੀਟਿੰਗ ਵਿੱਚ ਸੁਚਚੈਨ ਖਹਿਰਾ, ਮਨਜੀਤ ਸਿੰਘ ਰੰਧਾਵਾ, ਸਾਹੀਲ ਸ਼ਰਮਾ, ਜਸਵੀਰ ਕੌਰ, ਸੁਦੇਸ਼ ਕੁਮਾਰੀ, ਅਲਕਾ ਚੋਪੜਾ, ਬਲਰਾਜ ਸਿੰਘ ਦਾਉ, ਜਗਤਾਰ ਸਿੰਘ ਅਤੇ ਬਜਰੰਗੀ ਯਾਦਵ ਆਦਿ ਸ਼ਾਮਿਲ ਰਹੇ।