ਬੇਕਾਬੂ ਹੋ ਕੇ ਪਲਟੀ ਪ੍ਰਾਈਵੇਟ ਬੱਸ, 4 ਲੋਕਾਂ ਦੀ ਮੌਤ; ਕਈ ਜ਼ਖ਼ਮੀ

Top Trending News ਪੰਜਾਬ
  • ਬੇਕਾਬੂ ਹੋ ਕੇ ਪਲਟੀ ਪ੍ਰਾਈਵੇਟ ਬੱਸ, 4 ਲੋਕਾਂ ਦੀ ਮੌਤ; ਕਈ ਜ਼ਖ਼ਮੀ

ਨਵਾਂਸ਼ਹਿਰ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਵਾਂਸ਼ਹਿਰ ਜ਼ਿਲ੍ਹੇ ਦੇ ਬੰਗਾ ਨੇੜੇ ਪਿੰਡ ਮਜਾਰੀ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਮਨਾਲੀ ਤੋਂ ਅੰਮ੍ਰਿਤਸਰ ਆ ਰਹੀ ਪ੍ਰਾਈਵੇਟ ਬੱਸ ਬੇਕਾਬੂ ਹੋ ਕੇ ਫਲਾਈਓਵਰ ਦੀ ਰੇਲਿੰਗ ਤੋੜਦੀ ਹੋਈ ਸਰਵਿਸ ਰੋਡ ’ਤੇ ਪਲਟ ਗਈ। ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਸਵਾਰੀਆਂ ਜ਼ਖ਼ਮੀ ਹੋਈਆਂ ਹਨ। ਬੱਸ ਵਿੱਚ ਕੁੱਲ 41 ਸਵਾਰੀਆਂ ਸਵਾਰ ਸਨ। ਹਾਦਸਾ ਸਵੇਰੇ ਕਰੀਬ 5 ਵਜੇ ਵਾਪਰਿਆ। ਮੁੱਢਲੀ ਜਾਂਚ ਮੁਤਾਬਕ ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਬੱਸ ਬੇਕਾਬੂ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ।

ਡਰਾਈਵਰ ਗ੍ਰਿਫ਼ਤਾਰ
ਬੰਗਾ ਸਦਰ ਥਾਣੇ ਦੇ ਜਾਂਚ ਅਧਿਕਾਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਬੱਸ ਡਰਾਈਵਰ ਵਿਵੇਕ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਹਿਮਾਚਲ ਪ੍ਰਦੇਸ਼ ਦੇ ਮੰਡੀ ਦਾ ਰਹਿਣ ਵਾਲਾ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਡਰਾਈਵਰ ਨੂੰ ਨੀਂਦ ਆਉਣ ਕਾਰਨ ਹਾਦਸਾ ਵਾਪਰਨ ਦੀ ਗੱਲ ਸਾਹਮਣੇ ਆਈ ਹੈ। ਮ੍ਰਿਤਕਾਂ ਵਿੱਚੋਂ ਦੋ ਦੀ ਪਛਾਣ ਹੋ ਗਈ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਦੇ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਵਾਸੀ ਵਿਸ਼ਾਲ ਰੱਤੂ (30) ਅਤੇ ਕੇਰਲ ਦੀ ਜੋਤਸਨਾ ਜਾਰਜ ਸ਼ਾਮਲ ਹਨ। ਬਾਕੀ ਦੋ ਮ੍ਰਿਤਕਾਂ ਦੀ ਪਛਾਣ ਅਜੇ ਨਹੀਂ ਹੋ ਸਕੀ।

ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ
ਹਾਦਸੇ ਦੀ ਸੂਚਨਾ ਮਿਲਦੇ ਹੀ ਬੰਗਾ ਪੁਲਿਸ ਅਤੇ ਰਾਹਤ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਜ਼ਖ਼ਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ ਰਖਵਾਇਆ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਖ਼ਮੀਆਂ ਤੇ ਮ੍ਰਿਤਕਾਂ ਸਬੰਧੀ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।

LPU ਦੇ ਵਿਦਿਆਰਥੀਆਂ ਸਬੰਧੀ ਅਜੇ ਪੁਸ਼ਟੀ ਨਹੀਂ
ਸ਼ੁਰੂਆਤੀ ਜਾਣਕਾਰੀ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਮ੍ਰਿਤਕਾਂ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਦੋ ਵਿਦਿਆਰਥੀ ਵੀ ਸ਼ਾਮਲ ਹਨ, ਪਰ ਪੁਲਿਸ ਵੱਲੋਂ ਇਸ ਦੀ ਅਜੇ ਪੁਸ਼ਟੀ ਨਹੀਂ ਕੀਤੀ ਗਈ। ਜਾਂਚ ਅਧਿਕਾਰੀ ਮੁਤਾਬਕ ਬੱਸ ਵਿੱਚ ਕਰੀਬ 10 ਬੱਚੇ LPU ਨਾਲ ਸਬੰਧਤ ਹੋਣ ਦੀ ਜਾਣਕਾਰੀ ਮਿਲੀ ਹੈ ਅਤੇ ਉਨ੍ਹਾਂ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ’ਤੇ ਮੌਜੂਦ ਇੱਕ ਚਸ਼ਮਦੀਦ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਪੈਟਰੋਲ ਪੰਪ ਵੱਲ ਗਿਆ ਸੀ। ਇਸੇ ਦੌਰਾਨ ਉਸ ਦੀਆਂ ਅੱਖਾਂ ਸਾਹਮਣੇ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।