ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

Top Trending News ਪੰਜਾਬ
  • ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸੋਮਵਾਰ ਨੂੰ ਦਿੱਲੀ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੀ ਜਾਣਕਾਰੀ ਸਾਂਝੀ ਕਰਦਿਆਂ ਪਰਗਟ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਕਿਹਾ ਕਿ ਰਾਹੁਲ ਗਾਂਧੀ ਨਾਲ ਮਿਲਣਾ ਉਨ੍ਹਾਂ ਲਈ ਸਨਮਾਨ ਦੀ ਗੱਲ ਹੈ। ਉਨ੍ਹਾਂ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਰਾਹੁਲ ਗਾਂਧੀ ਦੇ ਮਾਰਗਦਰਸ਼ਨ, ਉਤਸ਼ਾਹ ਅਤੇ ਵਚਨਬੱਧਤਾ ਲਈ ਧੰਨਵਾਦ ਕੀਤਾ। ਪਰਗਟ ਸਿੰਘ ਨੇ ਕਿਹਾ ਕਿ ਨਵੀਂ ਊਰਜਾ, ਪਾਰਟੀ ਆਗੂਆਂ, ਵਰਕਰਾਂ ਅਤੇ ਪੰਜਾਬ ਦੀ ਜਨਤਾ ਦੀ ਸਾਂਝੀ ਤਾਕਤ ਨਾਲ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਬਿਹਤਰ ਭਵਿੱਖ ਲਈ ਪੂਰੀ ਮਿਹਨਤ ਕੀਤੀ ਜਾਵੇਗੀ।

ਦਿੱਲੀ ’ਚ ਕਾਂਗਰਸੀ ਆਗੂਆਂ ਨਾਲ ਮੁਲਾਕਾਤਾਂ
ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਪਰਗਟ ਸਿੰਘ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਹਨ। ਇਸ ਦੌਰਾਨ ਉਨ੍ਹਾਂ ਪੰਜਾਬ ਨਾਲ ਸਬੰਧਤ ਕਈ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ ਹੈ। ਇਨ੍ਹਾਂ ਮੁਲਾਕਾਤਾਂ ਨੂੰ ਪਾਰਟੀ ਦੇ ਅੰਦਰੂਨੀ ਮਾਮਲਿਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪਰਗਟ ਸਿੰਘ ’ਤੇ ਤੰਜ ਕੱਸਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਰਾਹੁਲ ਗਾਂਧੀ ਮਿਲਣ ਲਈ ਸਮਾਂ ਨਹੀਂ ਦੇ ਰਹੇ। ਅਮਨ ਅਰੋੜਾ ਨੇ ਕਿਹਾ ਸੀ ਕਿ ਇਸੇ ਕਾਰਨ ਪਰਗਟ ਸਿੰਘ ਪ੍ਰਧਾਨ ਬਣਨ ਦੇ ਚਾਰ ਦਿਨ ਬਾਅਦ ਵੀ ਪੰਜਾਬ ਨਹੀਂ ਆ ਸਕੇ।

ਇਸ ਦੇ ਜਵਾਬ ਵਿੱਚ ਪਰਗਟ ਸਿੰਘ ਨੇ ਕਿਹਾ ਸੀ ਕਿ ‘ਆਪ’ ਕੋਲ ਉਨ੍ਹਾਂ ਖ਼ਿਲਾਫ਼ ਕਹਿਣ ਲਈ ਕੁਝ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਕਿਸ਼ਤੀ ਡੁੱਬਣ ਵਾਲੀ ਹੈ ਅਤੇ ਇਸ ਲਈ ਥੋੜ੍ਹਾ ਇੰਤਜ਼ਾਰ ਕਰਨਾ ਚਾਹੀਦਾ ਹੈ।

6 ਅਕਤੂਬਰ ਨੂੰ ਪੰਜਾਬ ਪਰਤਣਗੇ ਪਰਗਟ ਸਿੰਘ
ਪਰਗਟ ਸਿੰਘ 6 ਅਕਤੂਬਰ ਨੂੰ ਦਿੱਲੀ ਤੋਂ ਪੰਜਾਬ ਪਰਤਣਗੇ। ਇਸ ਤੋਂ ਬਾਅਦ ਉਹ ਚੰਡੀਗੜ੍ਹ ਵਿੱਚ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਮੀਟਿੰਗਾਂ ਰਾਹੀਂ ਪਾਰਟੀ ਅੰਦਰਲੀ ਗੁੱਟਬਾਜ਼ੀ ਨੂੰ ਖਤਮ ਕਰਕੇ ਆਉਣ ਵਾਲੀਆਂ ਚੋਣਾਂ ਲਈ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ ਜਾਵੇਗਾ।