ਝੋਨੇ ਦੀ ਖ਼ਰੀਦ ’ਤੇ ਬਵਾਲ, ਸਰਕਾਰੀ ਭਾਅ ਤੋਂ 200 ਰੁਪਏ ਘੱਟ ਦੇਣ ਦੇ ਦੋਸ਼
ਰਈਆ 5 ਅਕਤੂਬਰ 2026
ਸੂਬੇ ਵਿੱਚ 1 ਅਕਤੂਬਰ ਤੋਂ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ, ਪਰ ਰਈਆ ਦੀ ਸਥਾਨਕ ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਵੱਲੋਂ ਗੰਭੀਰ ਸਵਾਲ ਉਠਾਏ ਜਾ ਰਹੇ ਹਨ।
ਕਿਸਾਨਾਂ ਦਾ ਦੋਸ਼ ਹੈ ਕਿ ਮੰਡੀ ਵਿੱਚ ਸ਼ੈਲਰ ਮਾਲਕਾਂ, ਵਪਾਰੀਆਂ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਕਾਰਨ ਉਨ੍ਹਾਂ ਦੀ ਫ਼ਸਲ ਸਰਕਾਰੀ ਨਿਰਧਾਰਤ ਭਾਅ ਨਾਲੋਂ ਲਗਭਗ 200 ਰੁਪਏ ਪ੍ਰਤੀ ਕੁਇੰਟਲ ਘੱਟ ਦਰ ’ਤੇ ਖ਼ਰੀਦੀ ਜਾ ਰਹੀ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਘੱਟ ਭਾਅ ’ਤੇ ਝੋਨਾ ਵੇਚਣ ਲਈ ਮਜਬੂਰ ਹੋਣ ਕਾਰਨ ਉਨ੍ਹਾਂ ਨੂੰ ਸਿੱਧਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸੇ ਦੌਰਾਨ ਇਹ ਵੀ ਦੋਸ਼ ਲਗਾਇਆ ਜਾ ਰਿਹਾ ਹੈ ਕਿ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ (ਡੀਐੱਫ਼ਐੱਸਸੀ) ਵੱਲੋਂ ਕਥਿਤ ਤੌਰ ’ਤੇ ਜ਼ੁਬਾਨੀ ਹੁਕਮ ਜਾਰੀ ਕਰਕੇ ਪਨਸਪ ਖ਼ਰੀਦ ਏਜੰਸੀ ਨੂੰ ਰਈਆ ਅਨਾਜ ਮੰਡੀ ਵਿੱਚੋਂ ਝੋਨਾ ਖ਼ਰੀਦਣ ਤੋਂ ਰੋਕਿਆ ਗਿਆ ਹੈ।
ਕਿਸਾਨਾਂ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਸਰਕਾਰੀ ਨਿਰਧਾਰਤ ਭਾਅ ’ਤੇ ਝੋਨੇ ਦੀ ਖ਼ਰੀਦ ਯਕੀਨੀ ਬਣਾਈ ਜਾਵੇ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਦਾ ਵਾਜਬ ਮੁੱਲ ਮਿਲ ਸਕੇ।







