- BIG Breaking: CBI ਵੱਲੋਂ ਭਗਵੰਤ ਮਾਨ ਦੇ OSD ਸਮੇਤ 6 ਖਿਲਾਫ਼ FIR ਦਰਜ
ਚੰਡੀਗੜ੍ਹ, 6 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਂਦਰੀ ਤਫ਼ਤੀਸ਼ੀ ਏਜੰਸੀ ਸੀਬੀਆਈ (CBI) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਅਤੇ ਈਡੀ (ED) ਦੀ ਰਿਪੋਰਟ ਦੇ ਆਧਾਰ ‘ਤੇ ਇੱਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ (OSD) ਰਾਜਬੀਰ ਘੁੰਮਣ ਸਮੇਤ ਛੇ ਵਿਅਕਤੀਆਂ ਵਿਰੁੱਧ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਗੰਭੀਰ ਦੋਸ਼ਾਂ ਹੇਠ ਐੱਫਆਈਆਰ (FIR) ਦਰਜ ਕੀਤੀ ਹੈ।
ਸੀਬੀਆਈ ਵੱਲੋਂ ਦਰਜ ਕੀਤੀ ਗਈ FIR ਵਿੱਚ ਦੋ ਸਰਕਾਰੀ ਮੁਲਾਜ਼ਮਾਂ ਸਮੇਤ ਵਿਚੋਲਿਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਹਨਾਂ ਵਿੱਚ, ਰਾਜਬੀਰ ਘੁੰਮਣ (OSD to Chief Minister, Punjab), ਨਿਤਿਨ ਗੋਹਲ (Nitin Gohal), ਜਿਤਿਨ ਗੋਹਲ ਉਰਫ਼ ਰਾਜਾ (Jitin Gohal alias Raja), ਰੋਮੀ ਰਾਜਾ ਮਹਾਜਨ (Romi Raja Mahajan), ਬੀਰ ਦੇਵਿੰਦਰ (Bir Devinder), ਆਰ. ਐੱਸ. ਨਾਗਰਾ (R.S. Nagra) ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਕੁਝ ਹੋਰ ਅਣਪਛਾਤੇ ਸਰਕਾਰੀ ਅਧਿਕਾਰੀਆਂ ਅਤੇ ਨਿੱਜੀ ਵਿਅਕਤੀਆਂ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ।
CBI ਵੱਲੋਂ ਮਾਮਲਾ ਦਰਜ ਕੀਤੇ ਜਾਣ ਤੋਂ ਤੁਰੰਤ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਵੱਡੀ ਛਾਪੇਮਾਰੀ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਬੀਆਈ ਦੀਆਂ ਟੀਮਾਂ ਨੇ ਚੰਡੀਗੜ੍ਹ, ਮੋਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ਸਮੇਤ ਕੁੱਲ 8 ਵੱਖ-ਵੱਖ ਠਿਕਾਣਿਆਂ ‘ਤੇ ਛਾਪੇਮਾਰੇ ਹਨ। ਮੋਹਾਲੀ ਦੇ ਫੇਜ਼ 11 ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਸੀਬੀਆਈ ਦੀਆਂ ਟੀਮਾਂ ਨੇ ਦੋਸ਼ੀਆਂ ਨਾਲ ਸਬੰਧਤ ਘਰਾਂ ਅਤੇ ਦਫ਼ਤਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ।
ਕਿਹੜੇ-ਕਿਹੜੇ ਦੋਸ਼ ਲੱਗੇ ਹਨ?
ਸੀਬੀਆਈ ਦੀ ਸ਼ੁਰੂਆਤੀ ਜਾਂਚ ਅਤੇ ਐੱਫਆਈਆਰ ਮੁਤਾਬਕ ਦੋਸ਼ੀਆਂ ‘ਤੇ ਆਈਏਐੱਸ (IAS) ਅਤੇ ਆਈਪੀਐੱਸ (IPS) ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ (Postings and Transfers) ਵਿੱਚ ਵੱਡੇ ਪੱਧਰ ‘ਤੇ ਹੇਰਫੇਰ ਕਰਨ, ਸਰਕਾਰੀ ਨੀਤੀਆਂ ਬਣਾਉਣ, ਵਿਭਾਗੀ ਕਾਰਵਾਈਆਂ ਨੂੰ ਪ੍ਰਭਾਵਿਤ ਕਰਨ, ਪ੍ਰਸ਼ਾਸਨਿਕ ਮਨਜ਼ੂਰੀਆਂ, ਟੈਂਡਰਾਂ ਦੀਆਂ ਸ਼ਰਤਾਂ, ਲਾਇਸੈਂਸ ਪ੍ਰਕਿਰਿਆ, ਜ਼ਮੀਨ ਦੀ ਵਰਤੋਂ ਬਦਲਣ (Change of Land Use) ਅਤੇ ਜ਼ਮੀਨ-ਜਾਇਦਾਦ ਨਾਲ ਸਬੰਧਤ ਵਿਵਾਦਾਂ ਨੂੰ ਪੈਸਿਆਂ ਦੇ ਬਦਲੇ ਨਿਪਟਾਉਣ ਦੇ ਗੰਭੀਰ ਦੋਸ਼ ਹਨ।
ਇਸ ਤੋਂ ਇਲਾਵਾ ਜਾਂਚ ਏਜੰਸੀ ਦਾ ਇਹ ਵੀ ਦੋਸ਼ ਹੈ ਕਿ ਦੋਸ਼ੀ ਮੁਲਾਜ਼ਮਾਂ ਨੇ ਸਰਕਾਰ ਵੱਲੋਂ ਅਧਿਕਾਰਤ ਤੌਰ ‘ਤੇ ਨੀਤੀਆਂ ਅਤੇ ਹੁਕਮ ਜਾਰੀ ਕਰਨ ਤੋਂ ਪਹਿਲਾਂ ਹੀ ਉਨ੍ਹਾਂ ਦੇ ਡਰਾਫਟ (Drafts) ਨਿੱਜੀ ਵਿਅਕਤੀਆਂ ਤੱਕ ਪਹੁੰਚਾਏ ਸਨ, ਜੋ ਕਿ ਇੱਕ ਬਹੁਤ ਵੱਡੀ ਪ੍ਰਸ਼ਾਸਨਿਕ ਲਾਪਰਵਾਹੀ ਅਤੇ ਭ੍ਰਿਸ਼ਟਾਚਾਰ ਦਾ ਮਾਮਲਾ ਹੈ।
ਛਾਪੇਮਾਰੀ ਦੌਰਾਨ ਸੀਬੀਆਈ ਨੇ ਦੋਸ਼ੀਆਂ ਦੇ ਠਿਕਾਣਿਆਂ ਤੋਂ ਕਈ ਲੈਪਟਾਪ, ਮੋਬਾਈਲ ਫੋਨ ਅਤੇ ਅਹਿਮ ਸਰਕਾਰੀ ਤੇ ਨਿੱਜੀ ਦਸਤਾਵੇਜ਼ ਜ਼ਬਤ ਕੀਤੇ ਹਨ। ਇਨ੍ਹਾਂ ਇਲੈਕਟ੍ਰੋਨਿਕ ਡਿਵਾਈਸਾਂ ਅਤੇ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਰਿਸ਼ਵਤਖੋਰੀ ਅਤੇ ਅਹੁਦੇ ਦੀ ਦੁਰਵਰਤੋਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਸੀਬੀਆਈ ਦਾ ਕਹਿਣਾ ਹੈ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕੇਸ ਦੀ ਅਗਲੇਰੀ ਜਾਂਚ ਤੇਜ਼ੀ ਨਾਲ ਕੀਤੀ ਜਾ ਰਹੀ ਹੈ।







