ਮੁਲਾਜ਼ਮਾਂ ਦੇ DA ਮਾਮਲੇ ’ਚ ਹਾਈਕੋਰਟ ਸਖ਼ਤ, ਚੀਫ਼ ਸੈਕਟਰੀ ਨੂੰ ਮੁੜ ਤਲਬ; ਸੁਪਰੀਮ ਕੋਰਟ ਅਪੀਲ ਦੀ ਸਥਿਤੀ ’ਤੇ ਮੰਗੀ ਰਿਪੋਰਟ

Top Trending News ਪੰਜਾਬ

ਮੁਲਾਜ਼ਮਾਂ ਦੇ DA ਮਾਮਲੇ ’ਚ ਹਾਈਕੋਰਟ ਸਖ਼ਤ, ਚੀਫ਼ ਸੈਕਟਰੀ ਨੂੰ ਮੁੜ ਤਲਬ; ਸੁਪਰੀਮ ਕੋਰਟ ਅਪੀਲ ਦੀ ਸਥਿਤੀ ’ਤੇ ਮੰਗੀ ਰਿਪੋਰਟ

ਚੰਡੀਗੜ੍ਹ, 6 ਅਕਤੂਬਰ 2026: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (DA/DR) ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੇ ਰਵੱਈਏ ’ਤੇ ਸਖ਼ਤ ਰੁਖ ਅਪਣਾਇਆ ਹੈ। ਅਦਾਲਤ ਨੇ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਅਪੀਲ ਦੀ ਮੌਜੂਦਾ ਸਥਿਤੀ ਬਾਰੇ ਸੁਪਰੀਮ ਕੋਰਟ ਰਜਿਸਟਰੀ ਤੋਂ ਤੁਰੰਤ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਚੀਫ਼ ਸੈਕਟਰੀ ਕੇ.ਏ.ਪੀ. ਸਿਨਹਾ ਨੂੰ ਮੁੜ ਅਦਾਲਤ ਵਿੱਚ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਇਸ ਗੱਲ ’ਤੇ ਵੀ ਨਾਰਾਜ਼ਗੀ ਜਤਾਈ ਕਿ ਪੰਜਾਬ ਸਰਕਾਰ ਦੀ ਅਪੀਲ 1 ਸਤੰਬਰ ਨੂੰ ਦਾਇਰ ਹੋਣ ਦੇ ਬਾਵਜੂਦ ਕਥਿਤ ਤੌਰ ’ਤੇ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਰਜਿਸਟਰੀ ਦੀਆਂ ਖਾਮੀਆਂ ਕਾਰਨ ਲਟਕੀ ਰਹੀ। ਅਦਾਲਤ ਨੇ ਸਰਕਾਰ ਤੋਂ ਇਸ ਸਬੰਧੀ ਸਪੱਸ਼ਟੀਕਰਨ ਮੰਗਿਆ ਹੈ।

ਦੱਸਣਯੋਗ ਹੈ ਕਿ 3 ਅਗਸਤ 2026 ਨੂੰ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ DA/DR ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਇਹ ਭੁਗਤਾਨ ਪੰਜਾਬ ਵਿੱਚ ਸੇਵਾ ਨਿਭਾ ਰਹੇ ਆਲ ਇੰਡੀਆ ਸਰਵਿਸਿਜ਼ (IAS/IPS/IFS) ਅਧਿਕਾਰੀਆਂ ਨੂੰ ਮਿਲ ਰਹੇ ਕੇਂਦਰੀ ਪੈਟਰਨ ਅਨੁਸਾਰ ਕਰਨ ਲਈ ਕਿਹਾ ਸੀ।

ਇਸ ਮਾਮਲੇ ਵਿੱਚ ਪਹਿਲਾਂ ਵੀ ਚੀਫ਼ ਸੈਕਟਰੀ ਨੂੰ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਹੁਣ 6 ਅਕਤੂਬਰ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਸੁਪਰੀਮ ਕੋਰਟ ਦੀ ਰਿਪੋਰਟ ਦੇ ਆਧਾਰ ’ਤੇ ਅਗਲੇ ਕਦਮ ਤੈਅ ਕੀਤੇ ਜਾਣ ਦੀ ਉਮੀਦ ਹੈ। DA ਦੀਆਂ ਬਕਾਇਆ ਕਿਸ਼ਤਾਂ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਹੁਣ ਇਸ ਸੁਣਵਾਈ ’ਤੇ ਟਿਕੀਆਂ ਹੋਈਆਂ ਹਨ।