ਸੁਪਰੀਮ ਕੋਰਟ ’ਚ ਪੰਜਾਬ ਸਰਕਾਰ ਦੀ SLP ਮਨਜ਼ੂਰ, CBI ਜਾਂਚ ਦੇ ਹੁਕਮ ਨੂੰ ਚੁਣੌਤੀ

Top Trending News ਪੰਜਾਬ ਰਾਸ਼ਟਰੀ

ਸੁਪਰੀਮ ਕੋਰਟ ’ਚ ਪੰਜਾਬ ਸਰਕਾਰ ਦੀ SLP ਮਨਜ਼ੂਰ, CBI ਜਾਂਚ ਦੇ ਹੁਕਮ ਨੂੰ ਚੁਣੌਤੀ

ਚੰਡੀਗੜ੍ਹ, 6 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ, ਜਿਸ ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ ਡੀਜੀਪੀ ਨੂੰ ਭੇਜੀਆਂ ਗਈਆਂ ਚਿੱਠੀਆਂ ਨਾਲ ਜੁੜੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਸਨ।

ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਵਿਸ਼ੇਸ਼ ਇਜਾਜ਼ਤ ਪਟੀਸ਼ਨ (SLP) ਨੂੰ ਮੈਨਸ਼ਨਿੰਗ ਲਈ ਸਵੀਕਾਰ ਕਰ ਲਿਆ। ਸਰਕਾਰ ਵੱਲੋਂ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ ਸੀ, ਹਾਲਾਂਕਿ ਅਦਾਲਤ ਨੇ ਉਸੇ ਦਿਨ ਸੁਣਵਾਈ ਕਰਨ ਦੀ ਬਜਾਏ ਅਗਲੇ ਇੱਕ-ਦੋ ਦਿਨਾਂ ਵਿੱਚ ਮਾਮਲੇ ਨੂੰ ਸੁਣਵਾਈ ਲਈ ਲੈਣ ਦੇ ਸੰਕੇਤ ਦਿੱਤੇ ਹਨ।

ਇਹ ਮਾਮਲਾ ED ਵੱਲੋਂ ਪੰਜਾਬ ਦੇ ਡੀਜੀਪੀ ਨੂੰ ਭੇਜੀਆਂ ਗਈਆਂ ਤਿੰਨ ਚਿੱਠੀਆਂ ਨਾਲ ਸਬੰਧਤ ਹੈ। ਇਨ੍ਹਾਂ ਚਿੱਠੀਆਂ ਵਿੱਚ ਕੁਝ ਵਿਅਕਤੀਆਂ ’ਤੇ ਕਥਿਤ ਤੌਰ ’ਤੇ ਸਰਕਾਰੀ ਅਧਿਕਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਨੂੰ ਪ੍ਰਭਾਵਿਤ ਕਰਨ, ਸਰਕਾਰੀ ਨੀਤੀਆਂ ਅਤੇ ਟੈਂਡਰਾਂ ਨਾਲ ਜੁੜੇ ਮਾਮਲਿਆਂ ਵਿੱਚ ਗੈਰ-ਕਾਨੂੰਨੀ ਲੈਣ-ਦੇਣ ਦੇ ਦੋਸ਼ ਲਗਾਏ ਗਏ ਸਨ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਮਾਮਲੇ ਦੀ ਜਾਂਚ CBI ਨੂੰ ਸੌਂਪਦਿਆਂ ਕੇਂਦਰੀ ਏਜੰਸੀ ਨੂੰ ਕੇਸ ਦਰਜ ਕਰਕੇ ਜਾਂਚ ਕਰਨ ਅਤੇ ਦੋ ਮਹੀਨਿਆਂ ਅੰਦਰ ਸਟੇਟਸ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਹੁਣ ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

ਸੁਪਰੀਮ ਕੋਰਟ ਵਿੱਚ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਇਹ ਸਪੱਸ਼ਟ ਹੋਵੇਗਾ ਕਿ ਹਾਈ ਕੋਰਟ ਵੱਲੋਂ CBI ਜਾਂਚ ਸਬੰਧੀ ਦਿੱਤੇ ਨਿਰਦੇਸ਼ਾਂ ’ਤੇ ਅੱਗੇ ਕੀ ਕਾਰਵਾਈ ਹੁੰਦੀ ਹੈ।