ਮੌਸਮ ਵਿਭਾਗ ਵੱਲੋਂ ਪੰਜਾਬ ਦੇ 10 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਚੇਤਾਵਨੀ
ਚੰਡੀਗੜ੍ਹ 6 ਅਕਤੂਬਰ 2026
ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 6 ਤੋਂ 8 ਅਕਤੂਬਰ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਦੀ ਮੰਨੀਏ ਤਾਂ ਅੱਜ 6 ਅਕਤੂਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ 7 ਅਕਤੂਬਰ ਨੂੰ ਪੰਜ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਕਿਤੇ-ਕਿਤੇ ਗਰਜ-ਤੂਫ਼ਾਨ, ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਹੈ। ਇਸ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ।
ਹਾਲਾਂਕਿ 8 ਅਕਤੂਬਰ ਨੂੰ ਮੌਸਮ ਦਾ ਪ੍ਰਭਾਵ ਹੋਰ ਜ਼ਿਲ੍ਹਿਆਂ ਤੱਕ ਵਧਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੁਹਾਲੀ ਵਿੱਚ ਗਰਜ-ਤੂਫ਼ਾਨ, ਬਿਜਲੀ ਅਤੇ ਤੇਜ਼ ਹਵਾਵਾਂ ਦਾ ਅਲਰਟ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ।







