Breaking: ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ, ਸੁਪਰੀਮ ਕੋਰਟ ਨੇ ਦਿੱਤੇ ਹੁਕਮ

Top Trending News ਪੰਜਾਬ
  • Breaking: ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ, ਸੁਪਰੀਮ ਕੋਰਟ ਨੇ ਦਿੱਤੇ ਹੁਕਮ

ਪਟਿਆਲਾ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਸੁਪਰੀਮ ਕੋਰਟ ਨੇ ਪਟਿਆਲਾ ਨਗਰ ਨਿਗਮ ਦੇ 28 ਵਾਰਡਾਂ ਵਿੱਚ ਹੋਈ ਪਿਛਲੀ ਚੋਣ ਪ੍ਰਕਿਰਿਆ ਨੂੰ ਰੱਦ ਕਰਦਿਆਂ ਇਨ੍ਹਾਂ ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਫੈਕਟ ਫਾਈਂਡਿੰਗ ਕਮਿਸ਼ਨ ਦੀ ਰਿਪੋਰਟ ਨੂੰ ਸਵੀਕਾਰ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਅਤੇ ਕੁਝ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਣ ਸਬੰਧੀ ਨੁਕਤਿਆਂ ਨੂੰ ਗੰਭੀਰਤਾ ਨਾਲ ਲਿਆ ਹੈ। ਇਸ ਦੇ ਨਾਲ ਹੀ ਮੋਗਾ ਦੇ 22 ਵਾਰਡਾਂ ਦੀ ਪਿਛਲੀ ਚੋਣ ਪ੍ਰਕਿਰਿਆ ਵੀ ਰੱਦ ਕਰ ਦਿੱਤੀ ਗਈ ਹੈ ਅਤੇ ਇੱਥੇ ਵੀ ਮੁੜ ਚੋਣਾਂ ਕਰਵਾਈਆਂ ਜਾਣਗੀਆਂ।

ਸੁਪਰੀਮ ਕੋਰਟ ਨੇ ਨਵੀਂ ਚੋਣ ਪ੍ਰਕਿਰਿਆ ਛੇ ਹਫ਼ਤਿਆਂ ਦੇ ਅੰਦਰ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੂਰੀ ਪ੍ਰਕਿਰਿਆ ਹਾਈਕੋਰਟ ਦੀ ਨਿਗਰਾਨੀ ਹੇਠ ਹੋਵੇਗੀ। ਇਸ ਲਈ ਇੱਕ ਰਿਟਾਇਰਡ ਹਾਈਕੋਰਟ ਜੱਜ ਦੀ ਅਗਵਾਈ ਹੇਠ ਮਾਨੀਟਰਿੰਗ ਕਮੇਟੀ ਬਣਾਈ ਜਾਵੇਗੀ।

ਨਾਮਜ਼ਦਗੀ ਤੋਂ ਵੋਟਿੰਗ ਤੱਕ ਹਰ ਪੜਾਅ ਦੀ ਹੋਵੇਗੀ ਵੀਡੀਓਗ੍ਰਾਫੀ
ਅਦਾਲਤ ਨੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਲੈ ਕੇ ਵੋਟਿੰਗ ਤੱਕ ਚੋਣ ਪ੍ਰਕਿਰਿਆ ਦੇ ਹਰ ਪੜਾਅ ਦੀ ਵੀਡੀਓਗ੍ਰਾਫੀ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦਾ ਮਕਸਦ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਚੋਣੀ ਬੇਨਿਯਮੀ ਦੀ ਸੰਭਾਵਨਾ ਨੂੰ ਰੋਕਣਾ ਹੈ। ਫੈਕਟ ਫਾਈਂਡਿੰਗ ਜਾਂਚ ਦੌਰਾਨ ਨਾਮਜ਼ਦਗੀ ਪ੍ਰਕਿਰਿਆ ਵਿੱਚ ਕਥਿਤ ਧਾਂਦਲੀ ਅਤੇ ਕੁਝ ਉਮੀਦਵਾਰਾਂ ਨੂੰ ਚੋਣ ਲੜਨ ਤੋਂ ਰੋਕਣ ਦੇ ਦੋਸ਼ ਸਾਹਮਣੇ ਆਏ ਸਨ।

ਚੋਣ ਪੂਰੀ ਹੋਣ ਤੋਂ ਬਾਅਦ ਹੀ ਨਤੀਜੇ ਐਲਾਨੇ ਜਾਣਗੇ
ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਨਵੀਂ ਅਤੇ ਨਿਰਪੱਖ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੀ ਨਤੀਜੇ ਐਲਾਨੇ ਜਾਣ। ਇਸ ਫੈਸਲੇ ਨਾਲ ਪਟਿਆਲਾ ਦੇ 28 ਅਤੇ ਮੋਗਾ ਦੇ 22 ਵਾਰਡਾਂ ਵਿੱਚ ਨਗਰ ਨਿਗਮ ਚੋਣਾਂ ਦੀ ਪ੍ਰਕਿਰਿਆ ਮੁੜ ਸ਼ੁਰੂ ਹੋਵੇਗੀ।