ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ DGP, ਸਰਕਾਰ ਨੇ ਦੋ ਸਾਲਾਂ ਲਈ ਨਿਯੁਕਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ

Top Trending News ਪੰਜਾਬ

ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ DGP, ਸਰਕਾਰ ਨੇ ਦੋ ਸਾਲਾਂ ਲਈ ਨਿਯੁਕਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ

ਚੰਡੀਗੜ੍ਹ, 9 ਅਕਤੂਬਰ 2026: ਪੰਜਾਬ ਸਰਕਾਰ ਨੇ ਸੀਨੀਅਰ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪੰਜਾਬ ਪੁਲਿਸ ਨੂੰ ਰੈਗੂਲਰ ਮੁਖੀ ਮਿਲ ਗਿਆ ਹੈ।

ਗੌਰਵ ਯਾਦਵ ਇਸ ਤੋਂ ਪਹਿਲਾਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸੰਘ ਲੋਕ ਸੇਵਾ ਆਯੋਗ (UPSC) ਵੱਲੋਂ ਡੀਜੀਪੀ ਦੇ ਅਹੁਦੇ ਲਈ ਭੇਜੇ ਗਏ ਤਿੰਨ ਸੀਨੀਅਰ ਆਈਪੀਐੱਸ ਅਧਿਕਾਰੀਆਂ ਦੇ ਪੈਨਲ ’ਤੇ ਵਿਚਾਰ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਨਾਂ ’ਤੇ ਅੰਤਿਮ ਮੋਹਰ ਲਗਾਈ।

ਸਰਕਾਰੀ ਨੋਟੀਫਿਕੇਸ਼ਨ ਅਨੁਸਾਰ, ਗੌਰਵ ਯਾਦਵ ਦੀ ਨਿਯੁਕਤੀ ਦੋ ਸਾਲਾਂ ਲਈ ਕੀਤੀ ਗਈ ਹੈ। ਉਹ 1992 ਬੈਚ ਦੇ ਆਈਪੀਐੱਸ ਅਧਿਕਾਰੀ ਹਨ ਅਤੇ ਕਾਰਜਕਾਰੀ ਡੀਜੀਪੀ ਵਜੋਂ ਆਪਣੇ ਕਾਰਜਕਾਲ ਦੌਰਾਨ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਕਾਰਵਾਈਆਂ ਦੀ ਅਗਵਾਈ ਕਰਦੇ ਰਹੇ ਹਨ।

ਰੈਗੂਲਰ ਡੀਜੀਪੀ ਵਜੋਂ ਉਨ੍ਹਾਂ ਸਾਹਮਣੇ ਨਸ਼ਿਆਂ ਦੀ ਤਸਕਰੀ ’ਤੇ ਰੋਕ ਲਗਾਉਣ, ਗੈਂਗਸਟਰਵਾਦ ਨੂੰ ਨੱਥ ਪਾਉਣ, ਸਰਹੱਦ ਪਾਰੋਂ ਡਰੋਨਾਂ ਰਾਹੀਂ ਹੋਣ ਵਾਲੀ ਤਸਕਰੀ ਰੋਕਣ ਅਤੇ ਲੋਕਾਂ ਦਾ ਪੁਲਿਸ ਪ੍ਰਤੀ ਭਰੋਸਾ ਮਜ਼ਬੂਤ ਕਰਨ ਵਰਗੀਆਂ ਅਹਿਮ ਚੁਣੌਤੀਆਂ ਹੋਣਗੀਆਂ।