ਸੰਗਰੂਰ ਵਿਖੇ ‘ਸਰਸ ਮੇਲਾ-2026’ ਸ਼ੁਰੂ; ਦੇਸ਼ ਭਰ ਦੀ ਹਸਤਕਲਾ ਤੇ ਰਵਾਇਤੀ ਉਤਪਾਦ ਬਣੇ ਖਿੱਚ ਦਾ ਕੇਂਦਰ

Top Trending News ਪੰਜਾਬ
  • *20 ਅਕਤੂਬਰ ਤਕ ਚੱਲਣ ਵਾਲੇ ਮੇਲੇ ਵਿੱਚ ਖਰੀਦਦਾਰੀ, ਮਨੋਰੰਜਨ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦਾ ਸੁਮੇਲ
  • *ਪੇਂਡੂ ਦਸਤਕਾਰਾਂ ਅਤੇ ਸਵੈ-ਸਹਾਇਤਾ ਸਮੂਹਾਂ ਦੇ ਉਤਪਾਦਾਂ ਦੀ ਖਰੀਦਦਾਰੀ ਕਰ ਕੇ ਉਨ੍ਹਾਂ ਦਾ ਉਤਸ਼ਾਹ ਵਧਾਉਣ ਲੋਕ: ਡਿਪਟੀ ਕਮਿਸ਼ਨਰ

ਸੰਗਰੂਰ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ‘ਸਰਸ ਮੇਲਾ-2026’ ਅੱਜ ਕੈਰੋਂ ਫੈਕਟਰੀ ਗਰਾਊਂਡ, ਪਟਿਆਲਾ ਬਾਈਪਾਸ, ਯਾਦਵਿੰਦਰਾ ਹੋਟਲ ਦੇ ਸਾਹਮਣੇ ਸ਼ੁਰੂ ਹੋ ਗਿਆ ਹੈ। 20 ਅਕਤੂਬਰ ਤੱਕ ਚੱਲਣ ਵਾਲੇ ਇਸ ਮੇਲੇ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੇ ਦਸਤਕਾਰਾਂ, ਕਾਰੀਗਰਾਂ ਅਤੇ ਸਵੈ-ਸਹਾਇਤਾ ਸਮੂਹਾਂ ਵੱਲੋਂ ਆਪਣੇ ਹੱਥੀਂ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਲਈ ਸਟਾਲ ਲਗਾਏ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਸਰਸ ਮੇਲਾ ਪੇਂਡੂ ਹੁਨਰ ਨੂੰ ਉਤਸ਼ਾਹਿਤ ਕਰਨ ਅਤੇ ਦਸਤਕਾਰਾਂ ਦੇ ਉਤਪਾਦਾਂ ਨੂੰ ਵੱਡੀ ਮੰਡੀ ਨਾਲ ਜੋੜਨ ਦਾ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਮੰਚ ਰਾਹੀਂ ਕਾਰੀਗਰਾਂ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਆਪਣੇ ਉਤਪਾਦ ਸਿੱਧੇ ਖਰੀਦਦਾਰਾਂ ਤੱਕ ਪਹੁੰਚਾਉਣ ਦਾ ਮੌਕਾ ਮਿਲੇਗਾ। ਇਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧੇ ਦੇ ਨਾਲ-ਨਾਲ ਰਵਾਇਤੀ ਕਲਾਵਾਂ ਨੂੰ ਅੱਗੇ ਵਧਾਉਣ ਵਿੱਚ ਵੀ ਮਦਦ ਮਿਲੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਵਿੱਚ ਆਉਣ ਵਾਲੇ ਲੋਕ ਦੇਸ਼ ਦੇ ਵੱਖ-ਵੱਖ ਖੇਤਰਾਂ ਦੀ ਹਸਤਕਲਾ ਅਤੇ ਰਵਾਇਤੀ ਉਤਪਾਦਾਂ ਨੂੰ ਇੱਕੋ ਥਾਂ ’ਤੇ ਵੇਖ ਅਤੇ ਖਰੀਦ ਸਕਣਗੇ। ਉਨ੍ਹਾਂ ਕਿਹਾ ਕਿ ਹੱਥੀਂ ਤਿਆਰ ਕੀਤੀ ਹਰ ਵਸਤੂ ਪਿੱਛੇ ਕਿਸੇ ਕਾਰੀਗਰ ਦੀ ਮਿਹਨਤ, ਹੁਨਰ ਅਤੇ ਸੱਭਿਆਚਾਰਕ ਵਿਰਾਸਤ ਜੁੜੀ ਹੁੰਦੀ ਹੈ। ਇਨ੍ਹਾਂ ਉਤਪਾਦਾਂ ਦੀ ਖਰੀਦਦਾਰੀ ਪੇਂਡੂ ਪਰਿਵਾਰਾਂ ਦੀ ਆਰਥਿਕ ਮਜ਼ਬੂਤੀ ਵਿੱਚ ਯੋਗਦਾਨ ਪਾਉਂਦੀ ਹੈ।

ਉਨ੍ਹਾਂ ਦੱਸਿਆ ਕਿ ਪਰਿਵਾਰਾਂ ਅਤੇ ਬੱਚਿਆਂ ਦੇ ਮਨੋਰੰਜਨ ਲਈ ਮੇਲੇ ਵਿੱਚ ਜਲਪਰੀ ਸ਼ੋਅ, ਰਵਾਇਤੀ ਤੇ ਆਧੁਨਿਕ ਝੂਲੇ, ਫਨ ਗੇਮਜ਼ ਅਤੇ ਕਾਰ ਸਰਕਸ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਵੱਖ-ਵੱਖ ਸੁਆਦੀ ਪਕਵਾਨਾਂ ਦੇ ਫੂਡ ਸਟਾਲ ਅਤੇ ਆਕਰਸ਼ਕ ਸੈਲਫੀ ਪੁਆਇੰਟ ਵੀ ਮੇਲੇ ਦਾ ਹਿੱਸਾ ਹਨ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਖਚੈਨ ਸਿੰਘ ਨੇ ਦੱਸਿਆ ਕਿ ਮੇਲੇ ਦੌਰਾਨ ਹਰ ਸ਼ਾਮ ਪੰਜਾਬ ਦੇ ਨਾਮਵਰ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਖਰੀਦਦਾਰੀ ਅਤੇ ਮਨੋਰੰਜਨ ਦੇ ਨਾਲ ਇਹ ਮੇਲਾ ਲੋਕਾਂ ਨੂੰ ਵੱਖ-ਵੱਖ ਖੇਤਰਾਂ ਦੀ ਕਲਾ ਅਤੇ ਸੱਭਿਆਚਾਰ ਨਾਲ ਰੂਬਰੂ ਹੋਣ ਦਾ ਮੌਕਾ ਵੀ ਪ੍ਰਦਾਨ ਕਰੇਗਾ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਾਸੀਆਂ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪਰਿਵਾਰਾਂ ਸਮੇਤ ‘ਸਰਸ ਮੇਲਾ-ਸੰਗਰੂਰ 2026’ ਵਿੱਚ ਪਹੁੰਚਣ ਅਤੇ ਪੇਂਡੂ ਦਸਤਕਾਰਾਂ, ਕਾਰੀਗਰਾਂ ਤੇ ਸਵੈ-ਸਹਾਇਤਾ ਸਮੂਹਾਂ ਦੇ ਉਤਪਾਦਾਂ ਦੀ ਖਰੀਦਦਾਰੀ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਨ।