ਪਰਗਟ ਸਿੰਘ ਦੀ ਤਾਜਪੋਸ਼ੀ ਭਲਕੇ, ਪੰਜਾਬ ਕਾਂਗਰਸ ਭਵਨ ’ਚ ਹੋਵੇਗਾ ਸਮਾਗਮ
ਚੰਡੀਗੜ੍ਹ, 10 ਅਕਤੂਬਰ 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਭਲਕੇ 11 ਅਕਤੂਬਰ ਨੂੰ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਹੋਵੇਗੀ। ਸਮਾਗਮ ਲਈ ਪਾਰਟੀ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਤਾਜਪੋਸ਼ੀ ਸਮਾਗਮ ਵਿੱਚ ਕਾਂਗਰਸ ਹਾਈਕਮਾਨ ਦੇ ਸੀਨੀਅਰ ਆਗੂਆਂ ਕੇ.ਸੀ. ਵੇਣੂਗੋਪਾਲ ਅਤੇ ਸਚਿਨ ਪਾਇਲਟ ਸਮੇਤ ਪੰਜਾਬ ਦੇ ਮੌਜੂਦਾ ਤੇ ਸਾਬਕਾ ਵਿਧਾਇਕਾਂ, ਸੰਸਦ ਮੈਂਬਰਾਂ, ਸਾਬਕਾ ਮੰਤਰੀਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅਤੇ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਪੰਜਾਬ ਵਾਪਸੀ ’ਤੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਵੀ ਕੀਤਾ ਗਿਆ।
ਪਰਗਟ ਸਿੰਘ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਮਤਭੇਦ ਦੂਰ ਕਰਕੇ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।







