ਸੰਗਰੂਰ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾਂ ਰੈਲੀ, AAP ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ

Top Trending News ਪੰਜਾਬ

ਸੰਗਰੂਰ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾਂ ਰੈਲੀ, AAP ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ

ਡੀ.ਏ. ਸਮੇਤ ਹੱਕੀ ਮੰਗਾਂ ਪੂਰੀਆਂ ਕਰਨ ਦੀ ਮੰਗ; ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਦਾ ਐਲਾਨ

ਸੰਗਰੂਰ, 10 ਅਕਤੂਬਰ 2026: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਬੈਨਰ ਹੇਠ ਅੱਜ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਦੀ ਕੋਠੀ ਨੇੜੇ ਵਿਸ਼ਾਲ ਮਹਾਂ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਦੌਰਾਨ ਆਗੂਆਂ ਨੇ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ।

ਸੰਗਰੂਰ-ਪਟਿਆਲਾ ਬਾਈਪਾਸ ’ਤੇ ਕੌਮੀ ਮਾਰਗ ਦੇ ਓਵਰਬ੍ਰਿਜ ਨੇੜੇ ਹੋਏ ਇਸ ਇਕੱਠ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਰੈਲੀ ਵਾਲੀ ਥਾਂ ਦੇ ਆਲੇ-ਦੁਆਲੇ ਬੱਸਾਂ, ਕਾਰਾਂ ਅਤੇ ਹੋਰ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਸਰਕਾਰ ਤੋਂ ਮੰਗਾਂ ਮੰਨਣ ਦੀ ਅਪੀਲ ਕੀਤੀ।

ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂਆਂ ਸੁਖਚੈਨ ਸਿੰਘ ਖਹਿਰਾ, ਸਤੀਸ਼ ਰਾਣਾ, ਕਰਮ ਸਿੰਘ ਧਨੋਆ, ਭਜਨ ਸਿੰਘ ਗਿੱਲ, ਗੁਰਨਾਮ ਸਿੰਘ ਵਿਰਕ ਅਤੇ ਧਨਵੰਤ ਸਿੰਘ ਭੱਠਲ ਸਮੇਤ ਹੋਰਨਾਂ ਨੇ ਦੋਸ਼ ਲਾਇਆ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ ਅਤੇ ਮਹਿੰਗਾਈ ਭੱਤਾ (ਡੀ.ਏ.) ਦੇਣ ਤੋਂ ਟਾਲਾ ਵੱਟ ਰਹੀ ਹੈ।

ਆਗੂਆਂ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਏਕਾ ਬਣਾਈ ਰੱਖਣ ਦੀ ਅਪੀਲ ਕੀਤੀ। ਰੈਲੀ ਤੋਂ ਬਾਅਦ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕੱਢਣ ਦਾ ਐਲਾਨ ਵੀ ਕੀਤਾ ਗਿਆ।

ਇਸ ਮੌਕੇ ਰਾਜ ਕੁਮਾਰ ਅਰੋੜਾ, ਦੇਵੀ ਦਿਆਲ, ਗੁਰਪ੍ਰੀਤ ਮੰਗਵਾਲ, ਅਵਿਨਾਸ਼ ਸ਼ਰਮਾ, ਮੇਲਾ ਸਿੰਘ ਪੁੰਨਾਵਾਲ ਅਤੇ ਕੁਲਵਿੰਦਰ ਸਿੰਘ ਢਿੱਲੋਂ ਸਮੇਤ ਕਈ ਆਗੂ ਹਾਜ਼ਰ ਸਨ।