AAP ਸਰਕਾਰ ਵਿਰੁੱਧ ਹਜ਼ਾਰਾਂ ਮੁਲਾਜ਼ਮ ਸੰਗਰੂਰ ‘ਚ ਕਰਨਗੇ ਮਹਾਂਰੈਲੀ

Top Trending News ਪੰਜਾਬ

 

AAP ਸਰਕਾਰ ਵਿਰੁੱਧ ਹਜ਼ਾਰਾਂ ਮੁਲਾਜ਼ਮ ਸੰਗਰੂਰ ‘ਚ ਕਰਨਗੇ ਮਹਾਂਰੈਲੀ

 

ਮੋਹਾਲੀ, 10 ਅਕਤੂਬਰ 2026: ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਪੰਜਾਬ ਦੇ ਮੁਲਾਜਮਾਂ ਪੱਲੇ ਨਿਰਾਸ਼ਾ ਹੀ ਪਈ ਹੈ। ਕਿਉਂਕਿ ਸੱਤਾਧਿਰ ਆਮ ਆਦਮੀ ਪਾਰਟੀ (ਭਗਵੰਤ ਮਾਨ ਸਰਕਾਰ) ਨੇ ਸਿਵਾਏ ਮੁਲਾਜਮ ਵਿਰੋਧੀ ਫੈਸਲੇ ਲੈਣ ਤੋਂ ਇਲਾਵਾ ਕੋਈ ਚੱਜ ਦਾ ਕੰਮ ਨਹੀਂ ਕੀਤਾ। ਜਿਸ ਦੇ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਇਸੇ ਰੋਸ ਦੇ ਤਹਿਤ ਮਾਨ ਸਰਕਾਰ ਵਿਰੁੱਧ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕਰਨ ਦੇ ਮਕਸਦ ਨਾਲ ਸੰਗਰੂਰ ਵਿਖੇ ਅੱਜ ਇੱਕ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸ਼ਮੂਲੀਅਤ ਲਈ ਮੁਲਾਜ਼ਮਾਂ ਨੇ ਵੱਡੀ ਪੱਧਰ ਤੇ ਤਿਆਰੀਆਂ ਖਿੱਚ ਦਿੱਤੀਆਂ ਹਨ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਲਾਜ਼ਮ ਆਗੂ ਗੁਰਸੇਵਕ ਫੂਲ ਨੇ ਦੱਸਿਆ ਕਿ ਰਾਮਪੁਰਾ ਫੂਲ ਤੋਂ ਮੁਲਾਜ਼ਮਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮਹਿਲਾ ਅਧਿਆਪਕਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਉਨ੍ਹਾਂ ਲਈ ਵਿਸ਼ੇਸ਼ ਬੱਸ ਦਾ ਪ੍ਰਬੰਧ ਕਰਨਾ ਪਿਆ ਹੈ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਇਸ ਵਿਸ਼ੇਸ਼ ਬੱਸ ਤੋਂ ਇਲਾਵਾ ਚਾਰ ਹੋਰ ਬੱਸਾਂ ਵੀ ਬੁੱਕ ਕਰਵਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਵੀ ਇਸ ਇਕੱਠ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।

 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮਾਂ ਦੀ ਨਾਰਾਜ਼ਗੀ ਦਾ ਮੁੱਖ ਕਾਰਨ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਨਾ ਕਰਨਾ, ਨਵੇਂ ਭਰਤੀ ਹੋਏ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਕਟੌਤੀ ਕਰਨ ਵਾਲੇ 17-7-2020 ਦੇ ਪੱਤਰ ਨੂੰ ਰੱਦ ਨਾ ਕਰਨਾ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਨਾ ਕਰਨਾ ਹੈ।

 

ਗੁਰਸੇਵਕ ਫੂਲ ਨੇ ਕਿਹਾ ਕਿ ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਹਾਈ ਕੋਰਟ ਵੱਲੋਂ ਵਾਰ-ਵਾਰ ਸਖ਼ਤ ਹੁਕਮ ਜਾਰੀ ਕੀਤੇ ਜਾਣ ਦੇ ਬਾਵਜੂਦ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਮਿਲ ਰਿਹਾ। ਇਸੇ ਤਰ੍ਹਾਂ 17 ਜੁਲਾਈ 2020 ਦੇ ਪੱਤਰ ਨੂੰ ਅਦਾਲਤ ਵੱਲੋਂ ਲਾਗੂ ਕਰਨ ਯੋਗ ਨਾ ਮੰਨੇ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਇਸ ਨੂੰ ਰੱਦ ਨਾ ਕਰਨਾ ਵੀ ਮੁਲਾਜ਼ਮਾਂ ਵਿੱਚ ਰੋਸ ਦਾ ਵੱਡਾ ਕਾਰਨ ਹੈ। ਉਨ੍ਹਾਂ ਅਨੁਸਾਰ, ਇਸ ਪੱਤਰ ਕਾਰਨ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਤਨਖਾਹਾਂ ਦੇ ਮਾਮਲੇ ਵਿੱਚ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।

 

ਉਨ੍ਹਾਂ ਅੱਗੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਇਸ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਹੋਰ ਵੀ ਕਈ ਜਾਇਜ਼ ਮੰਗਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ, ਜਿਸ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਵਿਰੁੱਧ ਰੋਸ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿੱਚ ਸਾਂਝੀ ਤਾਲਮੇਲ ਕਮੇਟੀ ਦਾ ਗਠਨ ਕਰਕੇ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸਾਂਝੇ ਮੰਚ ‘ਤੇ ਇਕੱਠਾ ਕੀਤਾ ਗਿਆ ਹੈ।

 

ਇਸੇ ਸਾਂਝੀ ਮੁਹਿੰਮ ਤਹਿਤ ਅੱਜ ਦੇ ਐਕਸ਼ਨ ਸਮੇਤ ਹੋਰ ਸੰਘਰਸ਼ੀ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਏਕਤਾ ਅਤੇ ਸਾਂਝੇ ਸੰਘਰਸ਼ ਰਾਹੀਂ ਹੀ ਸਰਕਾਰ ਨੂੰ ਆਪਣੀਆਂ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਰਾਖੀ ਅਤੇ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਸੰਗਰੂਰ ਦੇ ਇਕੱਠ ਨੂੰ ਸਫ਼ਲ ਬਣਾਉਣ।