ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

Top Trending News ਪੰਜਾਬ

— ਪੁਲਿਸ ਟੀਮਾਂ ਨੇ 189 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 589ਵੇਂ ਦਿਨ 1.5 ਕਿਲੋ ਹੈਰੋਇਨ ਸਮੇਤ 175 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 11 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 264ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 572 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

264ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 222 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,756 ਹੋ ਗਈ ਹੈ।

ਇਸ ਤੋਂ ਇਲਾਵਾ 189 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 589ਵੇਂ ਦਿਨ ਵੀ ਜਾਰੀ ਰੱਖਦਿਆਂ 175 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 10 ਕਿਲੋ ਗਾਂਜਾ, 3 ਕਿਲੋ ਭੁੱਕੀ, 968 ਨਸ਼ੀਲੀਆਂ ਗੋਲੀਆਂ ਅਤੇ 7300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 589 ਦਿਨਾਂ ਵਿੱਚ 84,428 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।