ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ SGPC ਮੈਂਬਰ ਪੰਜੋਲੀ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਗੁਰੇਜ਼ ਦੀ ਹਦਾਇਤ
ਅੰਮ੍ਰਿਤਸਰ 11 ਅਕਤੂਬਰ 2026
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵੱਲੋਂ ਪੰਜੋਲੀ ਨੂੰ ਪੱਤਰ ਜਾਰੀ ਕੀਤਾ ਗਿਆ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੇ ਪੰਥ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਹੋਣ ਦੇ ਨਾਤੇ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਨਾ ਉਨ੍ਹਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ।
ਜਥੇਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਬੰਦੀ ਸਿੰਘਾਂ ਦੇ ਮਾਮਲੇ ’ਤੇ ਸਿਆਸਤ ਕਰ ਰਹੀ ਹੈ। ਪੱਤਰ ਵਿੱਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ, ਭਾਈ ਜਗਤਾਰ ਸਿੰਘ ਹਵਾਰਾ ਨੂੰ ਮਾਤਾ ਨਾਲ ਮੁਲਾਕਾਤ ਲਈ ਪੈਰੋਲ ਨਾ ਮਿਲਣ ਸਮੇਤ ਹੋਰ ਮਾਮਲਿਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਜਾਰੀ ਸੰਘਰਸ਼ ਦੀ ਹਮਾਇਤ ਦਾ ਵੀ ਪ੍ਰਗਟਾਵਾ ਕੀਤਾ ਗਿਆ ਹੈ।







