ਪਰਗਟ ਸਿੰਘ ਦੀ ਨਵੀਂ ਪਾਰੀ ਸ਼ੁਰੂ! ਕਾਂਗਰਸ ਭਵਨ ‘ਚ ਨਵੇਂ ਪ੍ਰਧਾਨ ਦਾ ਸਵਾਗਤ

Top Trending News ਪੰਜਾਬ

ਚੰਡੀਗੜ੍ਹ ਕਾਂਗਰਸ ਭਵਨ ‘ਚ ਨਵੇਂ ਪ੍ਰਧਾਨ ਦਾ ਸਵਾਗਤ: ਸਚਿਨ ਪਾਇਲਟ, ਬਾਜਵਾ ਤੇ ਚੰਨੀ ਦੀ ਮੌਜੂਦਗੀ ‘ਚ ਪਰਗਟ ਸਿੰਘ ਦੀ ਨਵੀਂ ਪਾਰੀ ਸ਼ੁਰੂ

ਚੰਡੀਗੜ੍ਹ, 11 ਅਕਤੂਬਰ 2026: ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਅਹੁਦਾ ਸੰਭਾਲ ਲਿਆ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਭਾਰੀ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਪਹੁੰਚੇ। ਸਮਾਗਮ ਦੌਰਾਨ ਸਾਬਕਾ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਆਗੂਆਂ ਦੀ ਇਕੱਠੀ ਮੌਜੂਦਗੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਏਕਤਾ ਦੇ ਸੁਨੇਹੇ ਵਜੋਂ ਦੇਖਿਆ ਜਾ ਰਿਹਾ ਹੈ।

ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਮੌਜੂਦਗੀ ਵਿੱਚ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਦੇ ਅਤੇ ਲੋਕਾਂ ਦੀਆਂ ਆਸਾਂ-ਉਮੀਦਾਂ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਉਨ੍ਹਾਂ ਆਖਿਆ ਕਿ ਉਹ ਪਾਰਟੀ ਦੇ ਅੰਦਰ ਜਾਂ ਬਾਹਰ ਕਿਸੇ ਵੀ ਤਰ੍ਹਾਂ ਦੀ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰਨਗੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵੀ ਲਾਏ।

ਸਾਬਕਾ ਪ੍ਰਧਾਨ ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਰਾਹੁਲ ਗਾਂਧੀ ਨੂੰ ਪਾਰਟੀ ਲਈ ਮਿਹਨਤ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਯਾਦ ਰੱਖਣ ਦੀ ਅਪੀਲ ਕੀਤੀ। ਉਧਰ, ਚਰਨਜੀਤ ਸਿੰਘ ਚੰਨੀ ਨੇ ਮੀਂਹ ਨੂੰ ਪਾਰਟੀ ਦੇ ਨਵੇਂ ਦੌਰ ਲਈ ਸ਼ੁਭ ਸ਼ਗਨ ਦੱਸਿਆ।