ਪੰਜਾਬ ’ਚ ਬੇਮੌਸਮੀ ਮੀਂਹ ਨੇ ਕਿਸਾਨਾਂ ਦੀ ਵਧਾਈ ਚਿੰਤਾ, ਫ਼ਸਲ ਦਾ ਝਾੜ ਘਟਣ ਦਾ ਖ਼ਦਸ਼ਾ

Top Trending News ਪੰਜਾਬ
  • ਪੰਜਾਬ ’ਚ ਬੇਮੌਸਮੀ ਮੀਂਹ ਨੇ ਕਿਸਾਨਾਂ ਦੀ ਵਧਾਈ ਚਿੰਤਾ, ਫ਼ਸਲ ਦਾ ਝਾੜ ਘਟਣ ਦਾ ਖ਼ਦਸ਼ਾ

ਚੰਡੀਗੜ੍ਹ, 11 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਪੈ ਰਹੇ ਬੇਮੌਸਮੀ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਫ਼ਸਲ ਪੱਕ ਕੇ ਵਾਢੀ ਲਈ ਤਿਆਰ ਸੀ, ਪਰ ਮੀਂਹ ਕਾਰਨ ਖੇਤਾਂ ਵਿੱਚ ਪਾਣੀ ਖੜ੍ਹਾ ਹੋਣ ਨਾਲ ਕਟਾਈ ਵਿੱਚ ਦੇਰੀ ਹੋਣ ਦਾ ਖ਼ਦਸ਼ਾ ਹੈ। ਕਿਸਾਨਾਂ ਮੁਤਾਬਕ ਹੁਣ ਫ਼ਸਲ ਦੀ ਕਟਾਈ ਲਈ 10 ਤੋਂ 15 ਦਿਨ ਹੋਰ ਉਡੀਕ ਕਰਨੀ ਪੈ ਸਕਦੀ ਹੈ।

ਕਿਸਾਨਾਂ ਨੂੰ ਡਰ ਹੈ ਕਿ ਮੀਂਹ ਕਾਰਨ ਫ਼ਸਲ ਦਾ ਝਾੜ ਘਟ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਮੀਂਹ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਫ਼ਸਲ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਮੀਂਹ ਕਾਰਨ ਜਿਹੜੀ ਫ਼ਸਲ ਖੇਤਾਂ ਵਿੱਚ ਡਿੱਗ ਗਈ ਹੈ, ਉਸ ਦੇ ਦਾਣੇ ਦੀ ਗੁਣਵੱਤਾ ਵੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ।

ਦੂਜੇ ਪਾਸੇ, ਜਿਹੜੇ ਕਿਸਾਨ ਆਪਣੀ ਫ਼ਸਲ ਵੱਢ ਕੇ ਮੰਡੀਆਂ ਵਿੱਚ ਲੈ ਆਏ ਹਨ, ਉਨ੍ਹਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਮੁਤਾਬਕ ਨਮੀ ਦੀ ਮਾਤਰਾ ਵੱਧ ਹੋਣ ਕਾਰਨ ਫ਼ਸਲ ਦੀ ਖ਼ਰੀਦ ਨਹੀਂ ਕੀਤੀ ਜਾ ਰਹੀ। ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਨਮੀ ਦਾ ਪੱਧਰ ਨਿਰਧਾਰਤ ਮਾਪਦੰਡਾਂ ਅਨੁਸਾਰ ਨਾ ਹੋਣ ਦਾ ਹਵਾਲਾ ਦਿੱਤਾ ਜਾ ਰਿਹਾ ਹੈ।

ਇਸ ਤਰ੍ਹਾਂ ਖੇਤਾਂ ਵਿੱਚ ਖੜ੍ਹੀ ਫ਼ਸਲ ਨੂੰ ਮੀਂਹ ਕਾਰਨ ਨੁਕਸਾਨ ਦਾ ਖ਼ਦਸ਼ਾ ਹੈ, ਜਦਕਿ ਮੰਡੀਆਂ ਵਿੱਚ ਪਈ ਫ਼ਸਲ ਦੀ ਖ਼ਰੀਦ ਵਿੱਚ ਦੇਰੀ ਹੋ ਰਹੀ ਹੈ। ਕਿਸਾਨਾਂ ਨੂੰ ਇੱਕੋ ਸਮੇਂ ਦੋਹਰੀ ਮਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।