ਬਹਿਰੀਨ ਵਾਲੀ ਬੀਬੀ ਦਾ ਮਾਮਲਾ: ਸਿੱਖ ਜਥੇਬੰਦੀਆਂ ਵੱਲੋਂ SGPC ਪ੍ਰਧਾਨ ਦੇ ਅਸਤੀਫ਼ੇ ਦੀ ਮੰਗ
ਅੰਮ੍ਰਿਤਸਰ 12 ਅਕਤੂਬਰ 2026 ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨ ਦੀ ਅਗਵਾਈ ਹੇਠ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਬਹਿਰੀਨ ਵਾਲੀ ਬੀਬੀ ਨਾਲ ਸਬੰਧਤ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਯਾਦ ਪੱਤਰ ਸੌਂਪਿਆ। ਜਥੇਬੰਦੀਆਂ ਨੇ ਇਸ ਮਾਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ।
ਜਥੇਬੰਦੀ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਫਗਵਾੜਾ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਪਹਿਲਾਂ ਵੀ 18 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੱਤਰ ਸੌਂਪਿਆ ਗਿਆ ਸੀ। ਉਸ ਸਮੇਂ ਵੀ ਘਟਨਾ ਨੂੰ ਲੈ ਕੇ ਗੰਭੀਰ ਖਦਸ਼ੇ ਜ਼ਾਹਰ ਕਰਦਿਆਂ ਮਾਮਲੇ ਦੀ ਜਾਂਚ ਅਤੇ ਲੋੜੀਂਦੀ ਕਾਰਵਾਈ ਦੀ ਮੰਗ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਅੱਜ ਸੌਂਪਿਆ ਗਿਆ ਪੱਤਰ ਉਸੇ ਮਾਮਲੇ ਸਬੰਧੀ ਦੂਜਾ ਯਾਦ ਪੱਤਰ ਹੈ। ਸਿੱਖ ਜਥੇਬੰਦੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕਰਕੇ ਤੱਥ ਸਾਹਮਣੇ ਲਿਆਂਦੇ ਜਾਣ ਅਤੇ ਜ਼ਿੰਮੇਵਾਰੀ ਤੈਅ ਕੀਤੀ ਜਾਵੇ, ਤਾਂ ਜੋ ਸੰਗਤ ਦੇ ਮਨਾਂ ਵਿੱਚ ਪੈਦਾ ਹੋਏ ਖਦਸ਼ਿਆਂ ਦਾ ਨਿਪਟਾਰਾ ਹੋ ਸਕੇ।







