Top Breaking: ਵੋਟਾਂ ਦੀ ਕਥਿਤ ਚੋਰੀ ਖ਼ਿਲਾਫ਼ ਵਿਰੋਧੀ ਧਿਰਾਂ ਦਾ ਦਿੱਲੀ ‘ਚ ਮਾਰਚ, ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ
ਨਵੀਂ ਦਿੱਲੀ 12 ਅਕਤੂਬਰ 2026
ਵਿਰੋਧੀ ਧਿਰਾਂ ਦੇ ‘ਇੰਡੀਆ’ ਗੱਠਜੋੜ ਵੱਲੋਂ ਅੱਜ ਦਿੱਲੀ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਜਾਂਚ (ਐੱਸਆਈਆਰ) ਅਤੇ ਵੋਟਾਂ ਦੀ ਕਥਿਤ ਚੋਰੀ ਦੇ ਮੁੱਦੇ ’ਤੇ ਰੋਸ ਮਾਰਚ ਕੱਢਿਆ ਜਾਵੇਗਾ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ, ਵਿਰੋਧੀ ਧਿਰਾਂ ਦੇ ਸੰਸਦ ਮੈਂਬਰ ਦੁਪਹਿਰ 1.30 ਵਜੇ ਕਨਾਟ ਪਲੇਸ ਵਿਖੇ ਇਕੱਠੇ ਹੋਣਗੇ। ਇਸ ਤੋਂ ਬਾਅਦ ਉਹ ਉੱਥੋਂ ਬਾਰਾਖੰਭਾ ਰੋਡ ਤੱਕ ਲਗਭਗ ਦੋ ਕਿਲੋਮੀਟਰ ਲੰਮਾ ਪੈਦਲ ਮਾਰਚ ਕੱਢਣਗੇ। ਪਿਛਲੇ ਛੇ ਦਿਨਾਂ ਦੌਰਾਨ ਵਿਰੋਧੀ ਧਿਰਾਂ ਵੱਲੋਂ ਪੰਜਵੀਂ ਵਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪਹਿਲਾਂ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਦੀ ਯੋਜਨਾ ਮਾਰਚ ਕਰਦਿਆਂ ਸੁਪਰੀਮ ਕੋਰਟ ਤੱਕ ਪਹੁੰਚਣ ਅਤੇ ਸ਼ਾਮ ਚਾਰ ਤੋਂ ਪੰਜ ਵਜੇ ਦਰਮਿਆਨ ਭਾਰਤ ਦੇ ਚੀਫ਼ ਜਸਟਿਸ ਸੂਰਿਆਕਾਂਤ ਨਾਲ ਮੁਲਾਕਾਤ ਕਰਨ ਦੀ ਸੀ। ਹਾਲਾਂਕਿ, ਮੁੱਖ ਜੱਜ ਵੱਲੋਂ ਮੁਲਾਕਾਤ ਕਰਨ ਤੋਂ ਇਨਕਾਰ ਕੀਤੇ ਜਾਣ ਕਾਰਨ ਇਹ ਯੋਜਨਾ ਸਿਰੇ ਨਹੀਂ ਚੜ੍ਹ ਸਕੀ।
ਵਿਰੋਧੀ ਧਿਰਾਂ ਵੱਲੋਂ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਵੋਟਰ ਸੂਚੀਆਂ ਦੀ ਜਾਂਚ ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ। ਇਸ ਮਾਰਚ ਰਾਹੀਂ ਉਹ ਆਪਣੀਆਂ ਮੰਗਾਂ ਨੂੰ ਉਭਾਰਨਗੀਆਂ।







